ਕੈਨੇਡਾ ਅਤੇ ਭਾਰਤ ਵਿਚਾਲੇ ਕੁੜੱਤਣ ਵਧਦੀ ਜਾ ਰਹੀ ਹੈ। ਕੈਨੇਡਾ ਦੇ ਇਲਜ਼ਾਮਾਂ ਤੋਂ ਬਾਅਦ ਹੁਣ ਭਾਰਤ ਨੇ ਵੀ ਜਵਾਬੀ ਪਲਟਵਾਰ ਕੀਤਾ ਹੈ। ਭਾਰਤ ਸਰਕਾਰ ਨੇ ਵੀ ਹੁਣ ਕੈਨੇਡਾ ਦੇ ਸੀਨੀਅਰ ਡਿਪਲੋਮੈਟ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਭਾਰਤ ਨੇ ਕੈਨੇਡੀਅਨ ਡਿਪਲੋਮੈਟ ਨੂੰ ਪੰਜ ਦਿਨਾਂ ਦੇ ਅੰਦਰ ਦੇਸ਼ ਛੱਡਣ ਲਈ ਕਿਹਾ ਹੈ। ਕੈਨੇਡੀਅਨ ਡਿਪਲੋਮੈਟ ‘ਤੇ ਭਾਰਤ ਦੀ ਅੰਦਰੂਨੀ ਰਾਜਨੀਤੀ ‘ਚ ਦਖਲ ਦੇਣ ਦਾ ਦੋਸ਼ ਲੱਗਾ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਡਿਪਲੋਮੈਟ ਵੀ ਭਾਰਤ ਵਿਰੋਧੀ ਕਾਰਵਾਈਆਂ ਵਿੱਚ ਸ਼ਾਮਿਲ ਸਨ।
ਦਰਅਸਲ ਭਾਰਤ ਨੇ ਕੈਨੇਡਾ ਦੇ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਸੀ। ਇਸ ਤੋਂ ਬਾਅਦ ਭਾਰਤ ਨੇ ਇੱਕ ਸੀਨੀਅਰ ਕੈਨੇਡੀਅਨ ਡਿਪਲੋਮੈਟ ਨੂੰ ਕੱਢ ਦਿੱਤਾ ਅਤੇ ਕੈਨੇਡੀਅਨ ਹਾਈ ਕਮਿਸ਼ਨਰ ਨੂੰ ਇਸ ਫੈਸਲੇ ਦੀ ਜਾਣਕਾਰੀ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਸਬੰਧਿਤ ਡਿਪਲੋਮੈਟ ਨੂੰ ਅਗਲੇ ਪੰਜ ਦਿਨਾਂ ਵਿੱਚ ਭਾਰਤ ਛੱਡਣ ਲਈ ਕਿਹਾ ਗਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਭਾਰਤ ਸਰਕਾਰ ‘ਤੇ ਦੋਸ਼ ਲਗਾਇਆ ਸੀ ਕਿ ਹਰਦੀਪ ਸਿੰਘ ਨਿੱਝਰ ਦੇ ਕਤਲ ‘ਚ ਭਾਰਤੀ ਏਜੰਟ ਸ਼ਾਮਿਲ ਹਨ। ਕੈਨੇਡਾ ਸਰਕਾਰ ਨੇ ਨਿੱਝਰ ਦੇ ਕਤਲ ਦੀ ਜਾਂਚ ਦੌਰਾਨ ਭਾਰਤੀ ਡਿਪਲੋਮੈਟ ਪਵਨ ਕੁਮਾਰ ਰਾਏ ਨੂੰ ਕੱਢ ਦਿੱਤਾ ਹੈ। ਨਿੱਝਰ ਦੀ ਇਸ ਸਾਲ 18 ਜੂਨ ਨੂੰ ਬ੍ਰਿਟੇਨ ਦੇ ਇੱਕ ਗੁਰਦੁਆਰੇ ਦੇ ਸਾਹਮਣੇ ਬਾਈਕ ਸਵਾਰ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।