ਜਲਾਲਾਬਾਦ ਅਦਾਲਤ ਨੇ ਸ਼ਨੀਵਾਰ ਨੂੰ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ 2015 ਦੇ ਡਰੱਗਜ਼ ਮਾਮਲੇ ‘ਚ 14 ਦਿਨ ਦੀ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸ਼ਨੀਵਾਰ ਨੂੰ ਦੋ ਦਿਨ ਦਾ ਪੁਲਿਸ ਰਿਮਾਂਡ ਖਤਮ ਹੋਣ ਤੋਂ ਬਾਅਦ ਖਹਿਰਾ ਨੂੰ ਸਖਤ ਸੁਰੱਖਿਆ ਪ੍ਰਬੰਧਾਂ ਵਿਚਕਾਰ ਜਲਾਲਾਬਾਦ ਅਦਾਲਤ ‘ਚ ਪੇਸ਼ ਕੀਤਾ ਗਿਆ ਸੀ। ਵਿਧਾਇਕ ਖਹਿਰਾ ਨੂੰ ਵੀਰਵਾਰ ਨੂੰ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਪੰਜਾਬ ਪੁਲਿਸ ਨੇ ਇਹ ਕਾਰਵਾਈ 2015 ਦੇ ਡਰੱਗਜ਼ ਮਾਮਲੇ ਵਿੱਚ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਸਵਪਨ ਸ਼ਰਮਾ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਵੱਲੋਂ ਕੀਤੀ ਗਈ ਜਾਂਚ ਤੋਂ ਬਾਅਦ ਕੀਤੀ ਹੈ।
ਇਹ ਮਾਮਲਾ ਮਾਰਚ 2015 ਵਿੱਚ ਜਲਾਲਾਬਾਦ, ਫਾਜ਼ਿਲਕਾ ਵਿੱਚ ਦਰਜ ਹੋਇਆ ਸੀ। ਖਹਿਰਾ ਦੇ ਕਰੀਬੀ ਗੁਰਦੇਵ ਸਿੰਘ ਸਮੇਤ ਨੌਂ ਲੋਕਾਂ ‘ਤੇ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (ਐਨਡੀਪੀਐਸ) ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ।