ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਮੀਡੀਆ ਦੇ ਇੱਕ ਹਿੱਸੇ ਵਿੱਚ ਆਈਆਂ ਰਿਪੋਰਟਾਂ ਨੂੰ ਰੱਦ ਕਰ ਦਿੱਤਾ ਜਿਨ੍ਹਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਕੁਝ ਆਗੂ ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਾਮਿਲ ਹੋ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਰਿਪੋਰਟਾਂ ਬੇਬੁਨਿਆਦ ਅਤੇ ਗਲਤ ਹਨ। ਇਹ ਭੰਬਲਭੂਸਾ ਪੈਦਾ ਕਰਨ ਲਈ ਜਾਣਬੁੱਝ ਕੇ ਪ੍ਰਸਾਰਿਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਸਪੱਸ਼ਟ ਕੀਤਾ ਕਿ ਭਾਜਪਾ ‘ਚ ਸ਼ਾਮਿਲ ਹੋਣ ਦਾ ਉਨ੍ਹਾਂ ਦਾ ਫੈਸਲਾ ਚੰਗੀ ਤਰ੍ਹਾਂ ਸੋਚਿਆ ਹੋਇਆ ਹੈ ਅਤੇ ਇਹ ਬਦਲਿਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਉਨ੍ਹਾਂ ਨੂੰ ਜੋ ਵੀ ਭੂਮਿਕਾ ਅਤੇ ਜ਼ਿੰਮੇਵਾਰੀ ਸੌਂਪਦੇ ਹਨ, ਉਸ ਲਈ ਉਹ ਵਚਨਬੱਧ ਹਨ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਲਈ ਪ੍ਰਚਾਰ ਕਰਨਗੇ।
ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੇ ਜੀਵਨ ਦਾ ਸਿਧਾਂਤ ਰਿਹਾ ਹੈ ਕਿ ਕਦੇ ਵੀ ਆਪਣੇ ਫੈਸਲਿਆਂ ਤੋਂ ਪਿੱਛੇ ਨਹੀਂ ਹਟਣਾ। ਇੱਕ ਵਾਰ ਜਦੋਂ ਮੈਂ ਕੋਈ ਫੈਸਲਾ ਕਰਦਾ ਹਾਂ ਤਾਂ ਮੈਂ ਇਸ ‘ਤੇ ਕਾਇਮ ਰਹਿੰਦਾ ਹਾਂ। ਕੋਈ ਦੂਜੀ ਸੋਚ ਜਾਂ ਪਾਰਟੀ ਛੱਡਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।