ਭਾਰਤ ਅਤੇ ਕੈਨੇਡਾ ਵਿਚਾਲੇ ਚੱਲ ਰਿਹਾ ਟਕਰਾਅ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਹੁਣ ਇਸ ਸਬੰਧੀ ਕੈਨੇਡਾ ਵੱਲੋਂ ਇੱਕ ਹੋਰ ਨਵਾਂ ਫੈਸਲਾ ਲਿਆ ਗਿਆ ਹੈ। ਕੈਨੇਡਾ ਨੇ ਮੁੰਬਈ ਵਿੱਚ ਆਪਣਾ ਵੀਜ਼ਾ ਅਤੇ ਕੌਂਸਲਰ access ਬੰਦ ਕਰ ਦਿੱਤੀ ਹੈ। ਹੁਣ ਜੋ ਵੀ ਵਿਅਕਤੀ ਕੈਨੇਡਾ ਜਾਣਾ ਚਾਹੁੰਦਾ ਹੈ, ਉਸ ਨੂੰ ਮੁੱਖ ਦਫ਼ਤਰ ਦਿੱਲੀ ਤੋਂ ਵੀਜ਼ਾ ਲਈ ਪ੍ਰਕਿਰਿਆ ਪੂਰੀ ਕਰਨੀ ਪਵੇਗੀ। ਕੈਨੇਡਾ ਨੇ ਅਜੇ ਤੱਕ ਆਪਣੇ ਫੈਸਲੇ ਪਿੱਛੇ ਕੋਈ ਕਾਰਨ ਨਹੀਂ ਦੱਸਿਆ ਹੈ। ਮੁੰਬਈ ਦਫਤਰ ‘ਚ ਕੰਮ ਕਰਦੇ ਸਟਾਫ ਦਾ ਕਹਿਣਾ ਹੈ ਕਿ ਨਾਗਰਿਕ ਆਪਣੀਆਂ ਸਮੱਸਿਆਵਾਂ ਲਈ ਸਾਨੂੰ ਮੇਲ ਕਰ ਸਕਦੇ ਹਨ। ਫਿਲਹਾਲ ਦਫਤਰ ਵਿੱਚ ਸਾਰੀਆਂ ਪ੍ਰਕਿਰਿਆਵਾਂ ਬੰਦ ਹਨ। ਵੀਜ਼ਾ ਸਬੰਧੀ ਸਾਰੇ ਕੰਮ ਹੁਣ ਦਿੱਲੀ ਦਫ਼ਤਰ ਤੋਂ ਕੀਤੇ ਜਾਣਗੇ। ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਰਿਸ਼ਤੇ ਵਿਗੜ ਗਏ ਸਨ। ਜਿਸ ਤੋਂ ਬਾਅਦ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਨਿੱਝਰ ਦੇ ਕਤਲ ਪਿੱਛੇ ਭਾਰਤ ਦਾ ਹੱਥ ਹੋਣ ਦਾ ਦੋਸ਼ ਲਾਇਆ ਸੀ।
ਇਸ ਤੋਂ ਬਾਅਦ ਕੈਨੇਡਾ ਨੇ ਕਾਰਵਾਈ ਕਰਦੇ ਹੋਏ ਭਾਰਤੀ ਡਿਪਲੋਮੈਟ ਨੂੰ ਕੱਢ ਦਿੱਤਾ ਸੀ। ਇਸ ਦੇ ਨਾਲ ਹੀ ਭਾਰਤ ਨੇ ਜਵਾਬੀ ਕਾਰਵਾਈ ਕਰਦੇ ਹੋਏ ਕੈਨੇਡੀਅਨ ਡਿਪਲੋਮੈਟ ਨੂੰ ਵੀ ਹਟਾ ਦਿੱਤਾ। ਇਸ ਤੋਂ ਬਾਅਦ ਸ਼ੁੱਕਰਵਾਰ ਨੂੰ ਕੈਨੇਡੀਅਨ ਸਰਕਾਰ ਨੇ ਦੱਸਿਆ ਕਿ ਉਸ ਨੇ ਭਾਰਤ ਸਥਿਤ ਹਾਈ ਕਮਿਸ਼ਨ ਤੋਂ 41 ਡਿਪਲੋਮੈਟਾਂ ਨੂੰ ਵਾਪਸ ਬੁਲਾ ਲਿਆ ਹੈ। ਤੁਹਾਨੂੰ ਦੱਸ ਦੇਈਏ ਕਿ ਕੁਝ ਹਫ਼ਤੇ ਪਹਿਲਾਂ ਭਾਰਤ ਨੇ ਕੈਨੇਡਾ ਨੂੰ ਦਿੱਲੀ ਸਥਿਤ ਆਪਣੇ ਹਾਈ ਕਮਿਸ਼ਨ ਤੋਂ ਦਰਜਨਾਂ ਕਰਮਚਾਰੀਆਂ ਨੂੰ ਵਾਪਸ ਬੁਲਾਉਣ ਲਈ ਕਿਹਾ ਸੀ ਨਹੀਂ ਤਾਂ ਭਾਰਤ ਉਨ੍ਹਾਂ ਨੂੰ ਦਿੱਤੀ ਗਈ ਛੋਟ ਵਾਪਸ ਲੈ ਲਵੇਗਾ।