ਪੰਜਾਬ ਦੇ ਮੋਹਾਲੀ ਤੋਂ ਇੱਕ ਵੱਡੀ ਖਬਰ ਸਾਹਮਣੇ ਆਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮਾਮਲਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਵਾਇਰਲ ਹੋ ਰਹੀ ਵੀਡੀਓ ਦਾ ਹੈ। ਜਾਂਚ ਨੂੰ ਅੱਗੇ ਵਧਾਉਂਦੇ ਹੋਏ ਸਾਈਬਰ ਸੈੱਲ ਨੇ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਗ੍ਰਿਫਤਾਰੀ ਤੋਂ ਬਾਅਦ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਡਾ ਬਿਆਨ ਦਿੱਤਾ ਹੈ। ਉਹ ਵਰਕਰਾਂ ਸਮੇਤ ਸੀਨੀਅਰ ਕਪਤਾਨ ਪੁਲੀਸ ਦੇ ਦਫ਼ਤਰ ਪੁੱਜੇ ਸਨ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ 2022 ਦੀਆਂ ਵਿਧਾਨ ਸਭਾ ਚੋਣਾਂ ‘ਚ ਫਰੀਦਕੋਟ ਤੋਂ ਉਮੀਦਵਾਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਕੁੱਝ ਦਿਨ ਪਹਿਲਾਂ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਇਕ ਵੀਡੀਓ ਪਾਈ ਸੀ। ਇਸ ਵੀਡੀਓ ਵਿੱਚ ਬੰਟੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਬਾਰੇ ਇਤਰਾਜ਼ਯੋਗ ਗੱਲਾਂ ਕਹੀਆਂ ਸਨ। ਇਸ ਤੋਂ ਬਾਅਦ ਵਾਇਰਲ ਹੋਈ ਵੀਡੀਓ ਦਾ ਨੋਟਿਸ ਲੈਂਦਿਆਂ ਚੰਡੀਗੜ੍ਹ ਪੁਲਿਸ ਨੇ ਇਸ ਸਬੰਧੀ ਸੈਕਟਰ-3 ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ।
ਮਸ਼ਹੂਰ ਪੰਜਾਬੀ ਗਾਇਕ ਕੰਵਰ ਗਰੇਵਾਲ ਨੇ ਵੀ ਬੰਟੀ ਰੋਮਾਣਾ ਵੱਲੋਂ ਸ਼ੇਅਰ ਕੀਤੀ ਵੀਡੀਓ ਨੂੰ ਲੈ ਕੇ ਸਖ਼ਤ ਟਿੱਪਣੀ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਵੀਡੀਓ ‘ਚ ਕੰਵਰ ਗਰੇਵਾਲ ਦੀ ਆਵਾਜ਼ ਬਦਲੀ ਹੋਈ ਸੀ। ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਜਦੋਂ ਪੰਜਾਬ ਸਰਕਾਰ ਨੇ ਇਤਰਾਜ਼ ਜਤਾਇਆ ਸੀ ਤਾਂ ਗਾਇਕ ਕੰਵਰ ਗਰੇਵਾਲ ਨੇ ਸਪਸ਼ਟੀਕਰਨ ਦਿੱਤਾ ਸੀ ਕਿ ਉਨ੍ਹਾਂ ਅਜਿਹਾ ਕੋਈ ਗੀਤ ਨਹੀਂ ਗਾਇਆ ਹੈ। ਉਨ੍ਹਾਂ ਦੇ ਗੀਤ ਨਾਲ ਛੇੜਛਾੜ ਕੀਤੀ ਗਈ ਹੈ। ਇਸ ਮਗਰੋਂ ਪੁਲਿਸ ਨੇ ਬੰਟੀ ਰੋਮਾਣਾ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ।
ਇਸ ਕਥਿਤ ਵੀਡੀਓ ਦੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਵੀਰਵਾਰ ਨੂੰ ਚੰਡੀਗੜ੍ਹ ਪੁਲਿਸ ਦੀ ਸਾਈਬਰ ਸੈੱਲ ਦੀ ਟੀਮ ਨੇ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਸਥਿਤ ਉਨ੍ਹਾਂ ਦੇ ਘਰੋਂ ਗ੍ਰਿਫ਼ਤਾਰ ਕਰ ਲਿਆ। ਦੂਜੇ ਪਾਸੇ ਬੰਟੀ ਰੋਮਾਣਾ ਦੀ ਗ੍ਰਿਫ਼ਤਾਰੀ ਦੀ ਖ਼ਬਰ ਮਿਲਦਿਆਂ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਕਈ ਆਗੂਆਂ ਸਮੇਤ ਮੁਹਾਲੀ ਦੇ ਐਸਐਸਪੀ ਦਫ਼ਤਰ ਪੁੱਜੇ ਅਤੇ ਪੁਲਿਸ ਦੀ ਕਾਰਵਾਈ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਸੁਖਬੀਰ ਬਾਦਲ ਨੇ ਮੁਹਾਲੀ ਦੇ ਐਸਪੀ ਸਿਟੀ ਅਕਾਸ਼ਦੀਪ ਸਿੰਘ ਔਲਖ ਅਤੇ ਐਸਪੀ ਇਨਵੈਸਟੀਗੇਸ਼ਨ ਅਮਨਦੀਪ ਸਿੰਘ ਬਰਾੜ ਦੇ ਸਾਹਮਣੇ ਪੁਲਿਸ ਦੇ ਰਵੱਈਏ ‘ਤੇ ਇਤਰਾਜ਼ ਜਤਾਇਆ। ਮੁਹਾਲੀ ਦੇ ਐਸਪੀ ਇਨਵੈਸਟੀਗੇਸ਼ਨ ਅਮਨਦੀਪ ਸਿੰਘ ਬਰਾੜ ਨੇ ਸੁਖਬੀਰ ਬਾਦਲ ਦੇ ਨਾਲ-ਨਾਲ ਮੁਹਾਲੀ ਦੇ ਐਸਐਸਪੀ ਡਾਕਟਰ ਸੰਦੀਪ ਗਰਗ ਨਾਲ ਉਨ੍ਹਾਂ ਦੇ ਮੋਬਾਈਲ ਫੋਨ ਤੋਂ ਗੱਲ ਕੀਤੀ।