ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਦੋ ਸਲਾਹਕਾਰਾਂ ਡਾ. ਪਿਆਰੇ ਲਾਲ ਗਰਗ ਅਤੇ ਮਾਲਵਿੰਦਰ ਸਿੰਘ ਦੇ ਵਿਵਾਦਤ ਬਿਆਨਾਂ ਦਾ ਮਾਮਲਾ ਲਗਾਤਾਰ ਭੱਖਦਾ ਹੀ ਜਾ ਰਿਹਾ ਹੈ। ਇਸ ਦੌਰਾਨ ਕਾਂਗਰਸ ਦੇ ਪੰਜਾਬ ਇੰਚਾਰਜ ਹਰੀਸ਼ ਰਾਵਤ ਨੇ ਵੱਡਾ ਬਿਆਨ ਦਿੱਤਾ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਕਾਂਗਰਸ ਨੇ ਵੀ ਸਿੱਧੂ ਦੇ ਸਲਾਹਕਾਰਾਂ ਦੇ ਬਿਆਨ ‘ਤੇ ਨਾਰਾਜ਼ਗੀ ਜਾਹਿਰ ਕੀਤੀ ਹੈ।
ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਆਪਣੇ ਸਲਾਹਕਾਰਾਂ ਨੂੰ ਬਰਖਾਸਤ ਕਰਨਾ ਚਾਹੀਦਾ ਹੈ ਅਤੇ ਜੇਕਰ ਉਹ ਅਜਿਹਾ ਕਰਨ ਵਿੱਚ ਅਸਫਲ ਰਹਿੰਦੇ ਹਨ ਤਾਂ ਪਾਰਟੀ ਉਨ੍ਹਾਂ ਨੂੰ ਬਰਖਾਸਤ ਕਰ ਦੇਵੇਗੀ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਪਾਰਟੀ ਵਿਵਾਦ ਨਾਲ ਕਿਵੇਂ ਨਜਿੱਠੇਗੀ? ਰਾਵਤ ਨੇ ਕਿਹਾ, “ਇਹ ਸਲਾਹਕਾਰ ਪਾਰਟੀ ਦੁਆਰਾ ਨਿਯੁਕਤ ਨਹੀਂ ਕੀਤੇ ਗਏ ਸਨ। ਅਸੀਂ ਸਿੱਧੂ ਨੂੰ ਉਨ੍ਹਾਂ ਨੂੰ ਬਰਖਾਸਤ ਕਰਨ ਲਈ ਕਿਹਾ ਹੈ। ਜੇਕਰ ਸਿੱਧੂ ਅਜਿਹਾ ਨਹੀਂ ਕਰਦੇ ਤਾਂ ਮੈਂ ਕਰਾਂਗਾ। ਅਸੀਂ ਉਹ ਲੋਕ ਨਹੀਂ ਚਾਹੁੰਦੇ ਜੋ ਪਾਰਟੀ ਨੂੰ ਸ਼ਰਮਿੰਦਾ ਕਰਨ।”
ਹਰੀਸ਼ ਰਾਵਤ ਨੇ ਪੰਜਾਬ ਕਾਂਗਰਸ ਦੇ ਨਵੇਂ ਮੁਖੀ ਨੂੰ ਸਪਸ਼ਟ ਸੰਦੇਸ਼ ਦਿੱਤਾ ਹੈ। ਉਨ੍ਹਾਂ ਦਾ ਇਹ ਸੰਦੇਸ਼ ਮੁੱਖ ਮੰਤਰੀ ਅਮਰਿੰਦਰ ਸਿੰਘ ਵਿਰੁੱਧ ਨਵੇਂ ਸਿਰੇ ਦੀ ਬਗਾਵਤ ਤੋਂ ਬਾਅਦ ਆਇਆ ਹੈ। ਉਨ੍ਹਾਂ ਨੇ ਸਿੱਧੂ ਦੇ ਸਲਾਹਕਾਰਾਂ ਦੀ ਟਿੱਪਣੀ ਨੂੰ “ਗਲਤ ਸੋਚ” ਵਾਲਾ ਕਰਾਰ ਦਿੱਤਾ ਹੈ। ਪਿਆਰੇ ਲਾਲ ਗਰਗ ਅਤੇ ਮਾਲਵਿੰਦਰ ਮਾਲੀ, ਜੋ ਹਾਲ ਹੀ ਵਿੱਚ ਸਿੱਧੂ ਦੀ ਟੀਮ ਵਿੱਚ ਸ਼ਾਮਿਲ ਹੋਏ ਹਨ, ਪਿਛਲੇ ਹਫਤੇ ਪਾਕਿਸਤਾਨ ਅਤੇ ਕਸ਼ਮੀਰ ਬਾਰੇ ਆਪਣੀਆਂ ਟਿੱਪਣੀਆਂ ਕਰਨ ਤੋਂ ਬਾਅਦ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ। ਇੱਕ ਫੇਸਬੁੱਕ ਪੋਸਟ ਵਿੱਚ, ਮਾਲੀ ਨੇ ਕਿਹਾ ਸੀ ਕਿ ਭਾਰਤ ਅਤੇ ਪਾਕਿਸਤਾਨ ਦੋਵੇਂ ਹੀ ਨਾਜਾਇਜ਼ ਤੌਰ ਤੇ ਕਸ਼ਮੀਰ ਉੱਤੇ ਕਾਬਜ਼ ਹਨ।
ਦੱਸ ਦਈਏ ਕਿ ਨਵਜੋਤ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਵੱਲੋਂ ਸੰਵਿਧਾਨ ਦੀ ਧਾਰਾ 370 ਖ਼ਤਮ ਕਰਨ ਦੇ ਮੁੱਦੇ ‘ਤੇ ਗੱਲ ਕੀਤੀ ਗਈ ਸੀ। ਜਿਸ ਦੇ ਤਹਿਤ ਸਾਬਕਾ ਰਾਜ ਜੰਮੂ -ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਮਿਲਿਆ ਸੀ । ਉਨ੍ਹਾਂ ਨੇ ਕਥਿਤ ਤੌਰ ‘ਤੇ ਕਿਹਾ ਸੀ ਕਿ ਜੇਕਰ ਕਸ਼ਮੀਰ ਭਾਰਤ ਦਾ ਹਿੱਸਾ ਸੀ ਤਾਂ ਧਾਰਾ 370 ਅਤੇ 35ਏ ਹਟਾਉਣ ਦੀ ਕੀ ਲੋੜ ਸੀ।