ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਨੂੰ 9 ਮਹੀਨੇ ਤੋਂ ਵੀ ਜਿਆਦਾ ਦਾ ਸਮਾਂ ਹੋ ਗਿਆ ਹੈ। ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਕਰ ਰਹੇ ਹਨ ਤਾਂ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਵੀ ਕਾਨੂੰਨ ਰੱਦ ਕਰਨ ਦਾ ਕੋਈ ਸੰਕੇਤ ਨਹੀਂ ਹੈ। ਪਰ ਇਸ ਦੌਰਾਨ ਭਾਜਪਾ ਆਗੂਆਂ ਨੂੰ ਵੀ ਲਗਾਤਾਰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਰਿਆਣਾ ਵਿੱਚ ਵੀ ਭਾਜਪਾ ਨੇਤਾਵਾਂ ਖਿਲਾਫ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਲਗਾਤਾਰ ਜਾਰੀ ਹੈ।
ਸ਼ਨੀਵਾਰ ਨੂੰ ਹਰਿਆਣਾ ਦੇ ਕਰਨਾਲ ਵਿਚ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਬੈਠਕ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ। ਪਰ ਇਸ ਦੌਰਾਨ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਨੇ ਭਿਆਨਕ ਲਾਠੀਚਾਰਜ ਕੀਤਾ। ਇਸ ਲਾਠੀਚਾਰਜ ਵਿੱਚ ਕਈ ਕਿਸਾਨ ਬੁਰੀ ਤਰਾਂ ਜ਼ਖਮੀ ਵੀ ਹੋ ਗਏ। ਲਾਠੀਚਾਰਜ ਦੌਰਾਨ ਕਈ ਕਿਸਾਨਾਂ ਦੇ ਸਿਰਾਂ ਵਿੱਚੋਂ ਖੂਨ ਨੂੰ ਨਿਕਲ ਰਿਹਾ ਹੈ। ਰੇਲਵੇ ਰੋਡ ’ਤੇ ਸਥਿਤ ਹੋਟਲ ਪ੍ਰੇਮ ਪਲਾਜ਼ਾ ਵਿਚ ਪੰਚਾਇਤ ਅਤੇ ਲੋਕਲ ਬਾਡੀ ਚੋਣਾਂ ਸਬੰਧੀ ਸੂਬਾ ਸਰਕਾਰ ਦੀ ਇਕ ਅਹਿਮ ਮੀਟਿੰਗ ਚੱਲ ਰਹੀ ਹੈ। ਮੁੱਖ ਮੰਤਰੀ ਮਨੋਹਰ ਲਾਲ ਇਸ ਵਿਚ ਮੁੱਖ ਤੌਰ ’ਤੇ ਮੌਜੂਦ ਹਨ। ਕਿਸਾਨ ਇਸ ਮੀਟਿੰਗ ਦਾ ਵਿਰੋਧ ਕਰਨ ਲਈ ਪਹੁੰਚੇ ਸਨ। ਪੁਲਿਸ ਦੀ ਇਸ ਕਾਰਵਾਈ ਦੀ ਕਿਸਾਨ ਆਗੂਆਂ ਸਖਤ ਨਿੰਦਾ ਕੀਤੀ ਹੈ।
ਨਗਰ ਨਿਗਮ ਅਤੇ ਪੰਚਾਇਤ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਸ਼ਨੀਵਾਰ ਨੂੰ ਕਰਨਾਲ ਵਿੱਚ ਭਾਜਪਾ ਦੀ ਰਾਜ ਪੱਧਰੀ ਮੀਟਿੰਗ ਦਾ ਆਯੋਜਨ ਕੀਤਾ ਗਿਆ ਸੀ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਮਨੋਹਰ ਲਾਲ ਸਮੇਤ 6 ਭਾਜਪਾ ਸੰਸਦ ਮੈਂਬਰ, ਛੇ ਰਾਜ ਸਭਾ ਮੈਂਬਰ, 12 ਵਿਧਾਇਕ, ਸਾਬਕਾ ਵਿਧਾਇਕ ਅਤੇ ਲੋਕ ਸਭਾ ਅਤੇ ਵਿਧਾਨ ਸਭਾ ਚੋਣਾਂ ਲੜ ਚੁੱਕੇ ਉਮੀਦਵਾਰਾਂ ਤੋਂ ਇਲਾਵਾ ਸੰਗਠਨ ਦੇ ਅਹੁਦੇਦਾਰ ਪਹੁੰਚੇ। ਰੇਲਵੇ ਰੋਡ ‘ਤੇ ਹੋਟਲ ਪ੍ਰੇਮ ਪਲਾਜ਼ਾ ਵਿਖੇ ਮੀਟਿੰਗ ਲਈ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ।