[gtranslate]

“ਪੰਜਾਬ ‘ਚ ਗੰਨੇ ਦੀ ਕੀਮਤ ਹੋਵੇਗੀ ਦੇਸ਼ ਵਿੱਚੋਂ ਸਭ ਤੋਂ ਵੱਧ”, ਮੁੱਖ ਮੰਤਰੀ ਮਾਨ ਨੇ ਕਿਸਾਨਾਂ ਨਾਲ ਮੀਟਿੰਗ ਮਗਰੋਂ ਕੀਤਾ ਐਲਾਨ

cm mann said sugarcane price in punjab

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੇ ਸਮੇਂ ਵਿੱਚ ਗੰਨਾ ਕਿਸਾਨਾਂ ਨੂੰ ਵਧੀਆ ਭਾਅ ਦਿੰਦੀ ਰਹੇਗੀ। ਸ਼ੁੱਕਰਵਾਰ ਨੂੰ ਪੰਜਾਬ ਭਵਨ ਵਿਖੇ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਗੰਨੇ ਦੇ ਕਿਸਾਨਾਂ ਨੂੰ ਵੱਧ ਭਾਅ ਦੇਣ ਵਿੱਚ ਹਮੇਸ਼ਾ ਹੀ ਪਹਿਲੇ ਸਥਾਨ ‘ਤੇ ਰਹੀ ਹੈ ਅਤੇ ਇਹੀ ਸਿਲਸਿਲਾ ਹੁਣ ਵੀ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਟੇਟ ਐਗਰੀਡ ਪ੍ਰਾਈਸ (ਐਸ.ਏ.ਪੀ.) ਤਹਿਤ ਗੰਨੇ ਦਾ ਭਾਅ 380 ਰੁਪਏ ਪ੍ਰਤੀ ਕੁਇੰਟਲ ਦੇ ਰਹੀ ਹੈ, ਜੋ ਕਿ ਹੁਣ ਤੱਕ ਦੇਸ਼ ਵਿੱਚ ਸਭ ਤੋਂ ਵੱਧ ਸੀ, ਪਰ ਹਰਿਆਣਾ ਨੇ ਹਾਲ ਹੀ ਵਿੱਚ ਇਹ ਕੀਮਤ ਵਧਾ ਕੇ 386 ਰੁਪਏ ਪ੍ਰਤੀ ਕੁਇੰਟਲ ਕਰ ਦਿੱਤੀ ਹੈ। ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਖੰਡ ਮਿੱਲ ਮਾਲਕਾਂ ਨਾਲ ਮੀਟਿੰਗ ਕਰਕੇ ਸੂਬਾ ਸਰਕਾਰ ਜਲਦੀ ਹੀ ਭਾਅ ਵਧਾ ਕੇ ਕਿਸਾਨਾਂ ਨੂੰ ਖੁਸ਼ਖਬਰੀ ਦੇਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਾਡੀ ਸਰਕਾਰ ਨੇ ਪਿਛਲੀਆਂ ਸਰਕਾਰਾਂ ਵੱਲੋਂ ਛੱਡੇ ਗੰਨਾ ਕਿਸਾਨਾਂ ਦੇ ਸਾਰੇ ਬਕਾਏ ਅਦਾ ਕੀਤੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕੁੱਲ 16 ਖੰਡ ਮਿੱਲਾਂ ਹਨ, ਜਿਨ੍ਹਾਂ ਵਿੱਚੋਂ 9 ਸਹਿਕਾਰੀ ਖੇਤਰ ਨਾਲ ਸਬੰਧਿਤ ਹਨ ਅਤੇ ਬਾਕੀ ਨਿੱਜੀ ਖੇਤਰ ਨਾਲ ਸਬੰਧਿਤ ਹਨ। ਮਾਨ ਨੇ ਕਿਹਾ ਕਿ ਫਗਵਾੜਾ ਅਤੇ ਧੂਰੀ ਦੀਆਂ ਸਿਰਫ਼ ਦੋ ਨਿੱਜੀ ਮਿੱਲਾਂ ਕੋਲ ਬਕਾਇਆ ਅਦਾਇਗੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮਿੱਲਾਂ ਤੋਂ ਪੈਸੇ ਦੀ ਵਸੂਲੀ ਲਈ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਇਨ੍ਹਾਂ ਮਿੱਲਾਂ ਦੀਆਂ ਜਾਇਦਾਦਾਂ ਵੇਚ ਕੇ ਕਿਸਾਨਾਂ ਨੂੰ ਅਦਾਇਗੀ ਕੀਤੀ ਜਾਵੇਗੀ।

Leave a Reply

Your email address will not be published. Required fields are marked *