ਬਲਵੰਤ ਸਿੰਘ ਰਾਜੋਆਣਾ ਨੇ ਪਟਿਆਲਾ ਜੇਲ੍ਹ ਵਿੱਚ ਆਪਣੀ ਭੁੱਖ ਹੜਤਾਲ ਖ਼ਤਮ ਕਰ ਦਿੱਤੀ ਹੈ। ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਭੁਗਤ ਰਹੇ ਰਾਜੋਆਣਾ ਨੇ 5 ਦਸੰਬਰ ਤੋਂ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਸੀ। ਇਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਹੰਗਾਮੀ ਮੀਟਿੰਗ ਬੁਲਾਈ ਗਈ ਸੀ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਰਾਜੋਆਣਾ ਨੂੰ ਭੁੱਖ ਹੜਤਾਲ ਖ਼ਤਮ ਕਰਨ ਦੀ ਅਪੀਲ ਕੀਤੀ ਸੀ। ਇਸ ਤੋਂ ਪਹਿਲਾਂ 28 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਬਲਵੰਤ ਸਿੰਘ ਰਾਜੋਆਣਾ ਨੂੰ ਵੀ ਮਿਲੇ ਸਨ। ਪਰ ਉਸ ਸਮੇਂ ਰਾਜੋਆਣਾ ਭੁੱਖ ਹੜਤਾਲ ‘ਤੇ ਅੜੇ ਹੋਏ ਸਨ।
ਵੀਰਵਾਰ ਨੂੰ ਐਸਜੀਪੀਸੀ ਨੇ ਪੰਜਾਬ ਦੇ ਡਾਇਰੈਕਟਰ ਜਨਰਲ (ਜੇਲ੍ਹਾਂ) ਅਤੇ ਕੇਂਦਰੀ ਜੇਲ੍ਹ ਪਟਿਆਲਾ ਦੇ ਸੁਪਰਡੈਂਟ ਨੂੰ ਪੱਤਰ ਲਿਖ ਕੇ ਰਾਜੋਆਣਾ ਨਾਲ ਮੁਲਾਕਾਤ ਦੀ ਮੰਗ ਕੀਤੀ ਸੀ। ਸ਼ੁੱਕਰਵਾਰ ਸਵੇਰੇ ਵਫ਼ਦ ਨੇ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਭੁੱਖ ਹੜਤਾਲ ਖ਼ਤਮ ਕਰਨ ਦੀ ਬੇਨਤੀ ਕੀਤੀ ਅਤੇ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਤੋਂ ਲਿਆਂਦਾ ਜਲ ਛਕਾ ਕੇ ਹੜਤਾਲ ਖ਼ਤਮ ਕਰਵਾਈ।
ਇਸ ਤੋਂ ਪਹਿਲਾਂ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਭੁੱਖ ਹੜਤਾਲ ਤੁਰੰਤ ਖਤਮ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਰਾਜੋਆਣਾ ਨੂੰ ਮਿਲਣ ਵਾਲੇ ਵਫ਼ਦ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸ਼ਾਮਲ ਸਨ।