ਪੰਜਾਬ ਕਾਂਗਰਸ ਨੂੰ ਲੋਕ ਸਭਾ ਚੋਣਾਂ ਤੋਂ ਪਹਿਲਾਂ ਇੱਕ ਹੋਰ ਵੱਡਾ ਝਟਕਾ ਲੱਗਿਆ ਹੈ। ਕਾਂਗਰਸ ਵਿਧਾਇਕ ਦਲ ਦੇ ਉਪ ਨੇਤਾ ਅਤੇ ਚੱਬੇਵਾਲ ਤੋਂ ਵਿਧਾਇਕ ਡਾ.ਰਾਜਕੁਮਾਰ ਨੇ ਪਾਰਟੀ ਅਤੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਤੋਂ ਬਾਅਦ ਉਹ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਪੁੱਜੇ ਅਤੇ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਗਏ। ਸੀਐਮ ਮਾਨ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਹੈ। ਆਮ ਆਦਮੀ ਪਾਰਟੀ ਦੀ ਤਰਫ਼ੋਂ ਉਨ੍ਹਾਂ ਨੂੰ ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਦੀ ਚੋਣ ਵਿੱਚ ਮੈਦਾਨ ਵਿੱਚ ਉਤਾਰਿਆ ਜਾਵੇਗਾ। ਰਾਜਕੁਮਾਰ ਚੱਬੇਵਾਲ ਕਾਂਗਰਸ ਦੀ ਟਿਕਟ ‘ਤੇ ਚੱਬੇਵਾਲ ਤੋਂ ਦੋ ਵਾਰ ਵਿਧਾਇਕ ਬਣ ਚੁੱਕੇ ਹਨ। ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਹੁਸ਼ਿਆਰਪੁਰ ਹਲਕੇ ਤੋਂ ਕਾਂਗਰਸ ਦੇ ਕੇਵਲ ਰਾਜ ਕੁਮਾਰ ਚੱਬੇਵਾਲ ਹੀ ਜਿੱਤੇ ਸਨ।
