ਦੇਸ਼ ਭਰ ਵਿੱਚ ਲੋਕ ਸਭਾ ਚੋਣਾਂ ਦੇ ਨਤੀਜੇ ਆ ਗਏ ਹਨ। ਜੇਲ੍ਹ “ਚ ਬੰਦ ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਲੋਕ ਸਭਾ ਸੀਟ ਜਿੱਤ ਲਈ ਹੈ। ਹੁਣ ਉਨ੍ਹਾਂ ਦੇ ਵਕੀਲ ਰਾਜਦੇਵ ਸਿੰਘ ਖਾਲਸਾ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੀਆਂ ਕੋਸ਼ਿਸ਼ਾਂ ਪੰਜਾਬ ‘ਚ ਨਸ਼ਾਖੋਰੀ ਨੂੰ ਖਤਮ ਕਰਨ ਵੱਲ ਹਨ। ਖਾਲਸਾ ਨੇ ਅੰਮ੍ਰਿਤਪਾਲ ਸਿੰਘ ਦੀ ਜ਼ਮਾਨਤ ਦੀ ਮੰਗ ਕਰਦਿਆਂ ਕਿਹਾ ਕਿ ਕਾਨੂੰਨੀ ਰਣਨੀਤੀ ਅੱਗੇ ਵੱਧ ਰਹੀ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਭਾਜਪਾ ਅਤੇ ‘ਆਪ’ ਦੋਵੇਂ ਸਰਕਾਰਾਂ ਜਨਤਾ ਦੇ ਸਮਰਥਨ ਸਦਕਾ ਅੰਮ੍ਰਿਤਪਾਲ ਸਿੰਘ ਨੂੰ ਰਾਹਤ ਦੇਣ ਲਈ ਮਜਬੂਰ ਹੋਣਗੀਆਂ।
ਵਕੀਲ ਨੇ ਅੱਗੇ ਕਿਹਾ, ‘ਭਵਿੱਖ ਦੀ ਰਣਨੀਤੀ ਜ਼ਮਾਨਤ ਲੈਣ ਦੀ ਹੈ। ਸਰਕਾਰ ਨੂੰ ਉਨ੍ਹਾਂ ਨੂੰ ਰਾਹਤ ਦੇਣੀ ਪਵੇਗੀ ਕਿਉਂਕਿ ਕੋਈ ਵਿਕਲਪ ਨਹੀਂ ਹੈ। ਅਜਿਹਾ ਕਰਨ ਲਈ ਭਾਜਪਾ ਅਤੇ ‘ਆਪ’ ਦੀਆਂ ਦੋਵੇਂ ਸਰਕਾਰਾਂ ਮਜਬੂਰ ਹੋ ਜਾਣਗੀਆਂ। ਅੰਮ੍ਰਿਤਪਾਲ ਸਿੰਘ ਪੰਜਾਬ ਨੂੰ ਨਸ਼ਾ ਮੁਕਤ ਬਣਾ ਰਿਹਾ ਸੀ। ਲੋਕਾਂ ਨੇ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਨੂੰ ਗਲਤ ਅਤੇ ਅਨੈਤਿਕ ਦੱਸਿਆ ਹੈ। ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਜਿੱਤਣ ਤੋਂ ਬਾਅਦ ਬੁੱਧਵਾਰ ਨੂੰ ਅੰਮ੍ਰਿਤਪਾਲ ਸਿੰਘ ਦੀ ਪਤਨੀ ਅਤੇ ਵਕੀਲ ਉਨ੍ਹਾਂ ਨੂੰ ਮਿਲਣ ਡਿਬਰੂਗੜ੍ਹ ਜੇਲ ਗਏ ਸਨ। ਤੁਹਾਨੂੰ ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਨੂੰ 4,04,430 ਵੋਟਾਂ ਨਾਲ ਵੱਡੀ ਲੀਡ ਮਿਲੀ ਹੈ। 2024 ਦੀਆਂ ਲੋਕ ਸਭਾ ਚੋਣਾਂ ਵਿੱਚ ਅੰਮ੍ਰਿਤਪਾਲ ਸਿੰਘ ਦੇ ਨਜ਼ਦੀਕੀ ਵਿਰੋਧੀ ਕਾਂਗਰਸੀ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਸਨ, ਜਿਨ੍ਹਾਂ ਨੂੰ 2,07,310 ਵੋਟਾਂ ਮਿਲੀਆਂ ਸਨ।