ਕੈਪਟਨ ਦੇ ਬਾਗੀ ਰਵੱਈਏ ਦੇ ਵਿਚਕਾਰ ਕਾਂਗਰਸ ਦੇ ਵੱਡੇ ਆਗੂਆਂ ਵੱਲੋਂ ਲਗਾਤਾਰ ਉਨ੍ਹਾਂ ‘ਤੇ ਹਮਲੇ ਕੀਤੇ ਜਾ ਰਹੇ ਹਨ। ਬੀਤੇ ਦਿਨ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਵੱਲੋਂ ਕੈਪਟਨ ‘ਤੇ ਨਿਸ਼ਾਨੇ ਸਾਧੇ ਗਏ ਸਨ। ਸ਼ਨੀਵਾਰ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਰਣਦੀਪ ਸੁਰਜੇਵਾਲਾ ਨੇ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਵਿੰਨ੍ਹਿਆ ਹੈ। ਸੁਰਜੇਵਾਲਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਵਿਧਾਇਕਾਂ ਦੇ ਕਹਿਣ ‘ਤੇ ਬਦਲਿਆ ਗਿਆ ਸੀ। ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਹੈ। ਉਨ੍ਹਾਂ ਨੇ ਆਪਣੇ ਪੱਧਰ ‘ਤੇ ਫੈਸਲਾ ਨਹੀਂ ਲਿਆ, ਪੰਜਾਬ ਦੇ 78 ਵਿਧਾਇਕਾਂ ਨੇ ਮੁੱਖ ਮੰਤਰੀ ਨੂੰ ਬਦਲਣ ਲਈ ਲਿਖ ਕੇ ਦਿੱਤਾ ਗਿਆ ਸੀ।
ਜੇਕਰ ਮੁੱਖ ਮੰਤਰੀ ਨਾ ਬਦਲਦੇ ਤਾਂ ਹਾਈਕਮਾਨ ਨੂੰ ਤਾਨਾਸ਼ਾਹ ਕਿਹਾ ਜਾਣਾ ਸੀ। ਇੱਕ ਪਾਸੇ 78 ਵਿਧਾਇਕ ਅਤੇ ਇੱਕ ਪਾਸੇ ਸਿਰਫ ਮੁੱਖ ਮੰਤਰੀ। ਪ੍ਰੈੱਸ ਕਾਨਫਰੰਸ ਵਿੱਚ ਸੁਰਜੇਵਾਲਾ ਨੇ ਕਿਹਾ ਕਿ ਕਾਂਗਰਸ ਨੇ ਅਨੁਸੂਚਿਤ ਜਾਤੀ ਦੇ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਬਣਾ ਕੇ ਪੰਜਾਬ ਵਿੱਚ ਇੱਕ ਮਿਸਾਲ ਕਾਇਮ ਕੀਤੀ ਹੈ। ਭਾਜਪਾ 15 ਸੂਬਿਆਂ ਵਿੱਚ ਸੱਤਾ ਵਿੱਚ ਹੈ, ਉਸਨੇ ਇੱਕ ਵੀ ਅਨੁਸੂਚਿਤ ਜਾਤੀ ਵਰਗ ਨੂੰ ਮੁੱਖ ਮੰਤਰੀ ਨਹੀਂ ਬਣਾਇਆ ਹੈ। ਜੇ ਕਾਂਗਰਸ ਨੇ ਇੱਕ ਮਿਸਾਲ ਕਾਇਮ ਕੀਤੀ ਹੈ, ਤਾਂ ਭਾਜਪਾ ਮੁਸੀਬਤ ਵਿੱਚ ਕਿਉਂ ਹੈ? ਜਦੋਂ ਭਾਜਪਾ ਨੇ ਤਿੰਨ ਰਾਜਾਂ ਵਿੱਚ 5 ਮੁੱਖ ਮੰਤਰੀ ਬਦਲੇ ਤਾਂ ਕਿਸੇ ਨੇ ਵੀ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੂੰ ਇਹ ਨਹੀਂ ਪੁੱਛਿਆ ਕਿ ਉਨ੍ਹਾਂ ਨੂੰ ਕਿਉਂ ਬਦਲਿਆ ਗਿਆ। ਇਥੋਂ ਤੱਕ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸੀਨੀਅਰ ਨੇਤਾ ਬੀਐਸ ਯੇਦੀਯੁਰੱਪਾ ਨੂੰ ਨਹੀਂ ਬਖਸ਼ਿਆ।