ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਮੰਗਲਵਾਰ ਨੂੰ ਬਾਗੀ ਆਗੂਆਂ ਨੂੰ ਪਾਰਟੀ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਮੰਗਲਵਾਰ ਨੂੰ ਪਾਰਟੀ ਦਫ਼ਤਰ ਚੰਡੀਗੜ੍ਹ ਵਿਖੇ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ ਸੀ। ਇਸ ਮੀਟਿੰਗ ਵਿੱਚ ਕਮੇਟੀ ਮੈਂਬਰ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਗੁਲਜ਼ਾਰ ਸਿੰਘ ਰਣੀਕੇ ਹਾਜ਼ਰ ਸਨ। ਕਮੇਟੀ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਦਾ ਹਵਾਲਾ ਦਿੰਦੇ ਹੋਏ ਬਾਗੀ ਆਗੂਆਂ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ। ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵੱਲੋਂ ਜਿਨ੍ਹਾਂ ਬਾਗੀ ਆਗੂਆਂ ਨੂੰ ਪਾਰਟੀ ਵਿੱਚੋਂ ਕੱਢਿਆ ਗਿਆ ਹੈ, ਉਨ੍ਹਾਂ ਵਿੱਚ ਅੱਠ ਸੀਨੀਅਰ ਆਗੂ ਸ਼ਾਮਿਲ ਹਨ।
ਪਾਰਟੀ ਵਿੱਚੋਂ ਕੱਢੇ ਗਏ ਆਗੂਆਂ ਵਿੱਚ ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਜਗੀਰ ਕੌਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਪਰਮਿੰਦਰ ਸਿੰਘ ਢੀਂਡਸਾ, ਸਿਕੰਦਰ ਸਿੰਘ ਮਲੂਕਾ, ਸੁਰਜੀਤ ਸਿੰਘ ਰੱਖੜਾ, ਸੁਰਿੰਦਰ ਸਿੰਘ ਠੇਕੇਦਾਰ ਅਤੇ ਚਰਨਜੀਤ ਸਿੰਘ ਬਰਾੜ ਦੇ ਨਾਂ ਸ਼ਾਮਿਲ ਹਨ। ਦੱਸ ਦੇਈਏ ਕਿ ਇਹ ਸਾਰੇ ਬਾਗੀ ਆਗੂ ਪਿਛਲੇ ਕਈ ਦਿਨਾਂ ਤੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕਰ ਰਹੇ ਸਨ।