ਜਾਰਜੀਆ ਦੇ ਇੱਕ ਸਕੂਲ ਵਿੱਚ ਭਿਆਨਕ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਬੈਰੋ ਕਾਉਂਟੀ ਦੇ ਅਪਲਾਚੀ ਹਾਈ ਸਕੂਲ ਵਿੱਚ ਵਾਪਰੀ ਹੈ। ਸਕੂਲ ਨੂੰ “ਸਖਤ ਲੌਕਡਾਊਨ” ‘ਚ ਰੱਖਿਆ ਗਿਆ ਹੈ। ਘਟਨਾ ਸਥਾਨਕ ਸਮੇਂ ਅਨੁਸਾਰ ਸਵੇਰੇ 10 ਵਜੇ ਦੇ ਕਰੀਬ ਵਾਪਰੀ। ਜਦੋਂ ਪੁਲਿਸ ਨੂੰ ਘਟਨਾ ਦੀ ਜਾਣਕਾਰੀ ਮਿਲੀ ਤਾਂ ਕਈ ਫੋਰਸਾਂ ਨੂੰ ਮੌਕੇ ‘ਤੇ ਭੇਜਿਆ ਗਿਆ। ਸਕੂਲ ਅਧਿਕਾਰੀਆਂ ਨੇ ਦੱਸਿਆ ਕਿ ਇਹ ਤਾਲਾਬੰਦੀ ਕਈ ਰਿਪੋਰਟਾਂ ਤੋਂ ਬਾਅਦ ਲਾਗੂ ਕੀਤੀ ਗਈ ਹੈ। ਹਮਲੇ ‘ਚ ਹੁਣ ਤੱਕ 4 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਾਲਾਂਕਿ ਇਹ ਅੰਕੜੇ ਹੋਰ ਵਧ ਸਕਦੇ ਹਨ। ਘਟਨਾ ਵਾਲੀ ਥਾਂ ‘ਤੇ ਵੱਡੀ ਗਿਣਤੀ ‘ਚ ਪੁਲਿਸ ਅਤੇ ਐਂਬੂਲੈਂਸ ਤਾਇਨਾਤ ਕਰ ਦਿੱਤੀਆਂ ਗਈਆਂ ਹਨ। ਇੱਕ ਵਿਅਕਤੀ ਨੂੰ ਹੈਲੀਕਾਪਟਰ ਰਾਹੀਂ ਹਸਪਤਾਲ ਪਹੁੰਚਾਇਆ ਗਿਆ ਹੈ, ਜਦਕਿ ਦੂਜੇ ਜ਼ਖਮੀਆਂ ਦੀ ਹਾਲਤ ਅਜੇ ਸਪੱਸ਼ਟ ਨਹੀਂ ਹੈ। ਸਥਾਨਕ ਮੀਡੀਆ ਰਿਪੋਰਟਾਂ ਮੁਤਾਬਿਕ ਚਾਰ ਲੋਕਾਂ ਦੀ ਮੌਤ ਹੋ ਗਈ ਹੈ ਅਤੇ ਚਾਰ ਹੋਰ ਜ਼ਖਮੀ ਹੋਏ ਹਨ। ਇੱਕ 14 ਸਾਲ ਦੇ ਸ਼ੱਕੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।
ਘਟਨਾ ਤੋਂ ਬਾਅਦ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੀਆਂ ਟੀਮਾਂ ਸਕੂਲ ਦੇ ਆਲੇ-ਦੁਆਲੇ ਦੀ ਸੁਰੱਖਿਆ ਲਈ ਭੇਜੀਆਂ ਗਈਆਂ ਹਨ। ਇਸ ਘਟਨਾ ਦੇ ਸਮੇਂ ਸਕੂਲ ਵਿੱਚ 1900 ਦੇ ਕਰੀਬ ਵਿਦਿਆਰਥੀ ਮੌਜੂਦ ਸਨ। ਵਿਦਿਆਰਥੀਆਂ ਨੂੰ ਸੁਰੱਖਿਅਤ ਥਾਵਾਂ ‘ਤੇ ਭੇਜ ਦਿੱਤਾ ਗਿਆ ਹੈ, ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਮਾਪਿਆਂ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਗਈ ਹੈ। ਕਈ ਐਂਬੂਲੈਂਸਾਂ ਅਤੇ ਐਮਰਜੈਂਸੀ ਵਾਹਨਾਂ ਨੂੰ ਘਟਨਾ ਵਾਲੀ ਥਾਂ ‘ਤੇ ਭੇਜਿਆ ਗਿਆ ਹੈ। ਵ੍ਹਾਈਟ ਹਾਊਸ ਨੇ ਇਹ ਵੀ ਕਿਹਾ ਕਿ ਰਾਸ਼ਟਰਪਤੀ ਜੋਅ ਬਾਈਡੇਨ ਨੂੰ ਗੋਲੀਬਾਰੀ ਦੀ ਘਟਨਾ ਦੀ ਜਾਣਕਾਰੀ ਦਿੱਤੀ ਗਈ ਹੈ।