ਪੰਜਾਬ-ਹਰਿਆਣਾ ਹਾਈ ਕੋਰਟ ਨੇ ਦੋ ਰਾਜਾਂ ਹਰਿਆਣਾ ਅਤੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਰੋਜ਼ਾਨਾ ਸਿਰਫ਼ ਦੋ ਅੰਤਰਰਾਸ਼ਟਰੀ ਉਡਾਣਾਂ ਚੱਲਣ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਹਾਈ ਕੋਰਟ ਨੇ ਹੁਣ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਤੋਂ ਪੁੱਛਿਆ ਹੈ ਕਿ CAT-2 ਲੈਂਡਿੰਗ ਸਿਸਟਮ ਹੋਣ ਦੇ ਬਾਵਜੂਦ ਇਸ ਗਿਣਤੀ ਨੂੰ ਵਧਾਉਣ ਲਈ ਕੋਈ ਕੋਸ਼ਿਸ਼ ਕਿਉਂ ਨਹੀਂ ਕੀਤੀ ਗਈ।
ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਤੋਂ ਅੰਤਰਰਾਸ਼ਟਰੀ ਉਡਾਣਾਂ ਦੀ ਘੱਟ ਗਿਣਤੀ ਨੂੰ ਲੈ ਕੇ ਮੁਹਾਲੀ ਇੰਡਸਟਰੀਅਲ ਐਸੋਸੀਏਸ਼ਨ ਨੇ 2015 ਵਿੱਚ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਸੁਣਵਾਈ ਦੀ ਸ਼ੁਰੂਆਤ ‘ਚ ਹਾਈਕੋਰਟ ਨੇ ਏਅਰਫੋਰਸ ਤੋਂ ਚੰਡੀਗੜ੍ਹ ਤੋਂ ਏਅਰਪੋਰਟ ਤੱਕ ਦੇ ਛੋਟੇ ਰਸਤੇ ‘ਤੇ ਜਵਾਬ ਮੰਗਿਆ ਸੀਹਵਾਈ ਸੈਨਾ ਨੇ ਕੁਝ ਸ਼ਰਤਾਂ ਦੇ ਨਾਲ ਰੂਟ ਲਈ .98293 ਹੈਕਟੇਅਰ ਜ਼ਮੀਨ ਸਮਰਪਣ ਕਰਨ ਲਈ ਸਹਿਮਤੀ ਦਿੱਤੀ ਸੀ। ਇਸ ਤੋਂ ਬਾਅਦ ਅਦਾਲਤ ਨੇ ਪਾਇਆ ਕਿ ਛੋਟੇ ਰੂਟ ‘ਤੇ ਬਹਿਸ ਲੰਬੇ ਸਮੇਂ ਤੋਂ ਚੱਲ ਰਹੀ ਸੀ, ਪਰ ਮੁੱਖ ਮੁੱਦਾ ਜੋ ਹਵਾਈ ਅੱਡੇ ਤੋਂ ਅੰਤਰਰਾਸ਼ਟਰੀ ਉਡਾਣਾਂ ਵਧਾਉਣ ਦਾ ਸੀ, ਇਸ ‘ਤੇ ਲੰਬੇ ਸਮੇਂ ਤੱਕ ਕੋਈ ਚਰਚਾ ਨਹੀਂ ਹੋਈ। ਹਾਈ ਕੋਰਟ ਨੇ ਪਾਇਆ ਕਿ ਹਵਾਈ ਅੱਡੇ ਤੋਂ ਸਿਰਫ਼ ਦੋ ਅੰਤਰਰਾਸ਼ਟਰੀ ਉਡਾਣਾਂ ਹਨ ਜੋ ਸ਼ਾਰਜਾਹ ਅਤੇ ਦੁਬਈ ਲਈ ਹਨ।
ਹਾਈਕੋਰਟ ਨੇ ਕਿਹਾ ਕਿ ਕੈਟ-2 ਲੈਂਡਿੰਗ ਸਿਸਟਮ ਨੂੰ ਸਥਾਪਿਤ ਹੋਏ 18 ਮਹੀਨੇ ਹੋ ਗਏ ਹਨ, ਪਰ ਅੰਤਰਰਾਸ਼ਟਰੀ ਉਡਾਣਾਂ ਨੂੰ ਵਧਾਉਣ ਲਈ ਕੋਈ ਯਤਨ ਨਹੀਂ ਕੀਤਾ ਗਿਆ ਹੈ। ਅਦਾਲਤ ਨੇ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹਾ ਹੈੱਡਕੁਆਰਟਰ ਸਥਿਤ ਹਵਾਈ ਅੱਡੇ ਤੋਂ ਰੋਜ਼ਾਨਾ 14 ਅੰਤਰਰਾਸ਼ਟਰੀ ਉਡਾਣਾਂ ਚੱਲਦੀਆਂ ਹਨ, ਪਰ ਦੋ ਰਾਜਾਂ ਦੀ ਰਾਜਧਾਨੀ ਵਿੱਚ ਸਾਰੀਆਂ ਸਹੂਲਤਾਂ ਨਾਲ ਲੈਸ ਹਵਾਈ ਅੱਡੇ ਤੋਂ ਸਿਰਫ਼ 2 ਉਡਾਣਾਂ ਹੀ ਉੱਡਦੀਆਂ ਹਨ, ਇਹ ਮੰਦਭਾਗਾ ਹੈ। ਹਾਈ ਕੋਰਟ ਨੇ ਹੁਣ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਦੇ ਸਕੱਤਰ ਨੂੰ ਹਲਫ਼ਨਾਮਾ ਦਾਇਰ ਕਰਨ ਦਾ ਹੁਕਮ ਦਿੱਤਾ ਹੈ ਜਿਸ ਵਿੱਚ ਦੱਸਿਆ ਜਾਵੇ ਕਿ ਉਡਾਣਾਂ ਦੀ ਗਿਣਤੀ ਵਧਾਉਣ ਲਈ ਕੀ ਕਦਮ ਚੁੱਕੇ ਗਏ ਹਨ। ਹਾਈ ਕੋਰਟ ਨੇ ਪੰਜਾਬ ਤੇ ਕੇਂਦਰ ਸਰਕਾਰ ਤੋਂ ਵੀ ਜਵਾਬ ਮੰਗਿਆ ਹੈ।