ਕੁੱਝ ਦਿਨ ਪਹਿਲਾਂ ਹੋਈਆਂ ਪੰਚਾਇਤੀ ਚੋਣਾਂ ਦੇ ਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਉਣ ਲਈ ਸ਼ੁੱਕਰਵਾਰ ਨੂੰ ਲੁਧਿਆਣਾ, ਪੰਜਾਬ ਵਿੱਚ ਇੱਕ ਵਿਸ਼ਾਲ ਸਮਾਰੋਹ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਪ੍ਰੋਗਰਾਮ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਕਰਵਾਇਆ ਜਾ ਰਿਹਾ ਹੈ। ਇਸ ਪ੍ਰੋਗਰਾਮ ‘ਚ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਪਹੁੰਚ ਰਹੇ ਹਨ। ਕੇਜਰੀਵਾਲ ਦੋ ਦਿਨ ਪੰਜਾਬ ‘ਚ ਰਹਿਣਗੇ। ਲੁਧਿਆਣਾ ‘ਚ ਪੰਜਾਬ ਦੇ ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ‘ਚ ਕੇਜਰੀਵਾਲ ਮੁੱਖ ਮਹਿਮਾਨ ਹੋਣਗੇ। ਅਗਲੇ ਦਿਨ 9 ਨਵੰਬਰ ਨੂੰ ਕੇਜਰੀਵਾਲ ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਵਿੱਚ ‘ਆਪ’ ਉਮੀਦਵਾਰਾਂ ਦੇ ਹੱਕ ਵਿੱਚ ਪ੍ਰਚਾਰ ਕਰਨਗੇ।
ਸੂਬੇ ‘ਚ ਲੋਕਤੰਤਰ ਦੇ ਤਿਉਹਾਰ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਠੋਸ ਤਿਆਰੀਆਂ ਕੀਤੀਆਂ ਗਈਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਪਿੰਡ ਧਨਾਨਸੂ ਵਿਖੇ ਸਾਈਕਲ ਵੈਲੀ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਨਵੇਂ ਚੁਣੇ ਗਏ ਸਰਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਾਉਣਗੇ। ਇਸ ਪ੍ਰੋਗਰਾਮ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਨਿਵੇਕਲਾ ਸਮਾਗਮ ਜ਼ਮੀਨੀ ਪੱਧਰ ‘ਤੇ ਲੋਕਤੰਤਰ ਨੂੰ ਹੋਰ ਮਜ਼ਬੂਤ ਕਰੇਗਾ। ਕਿਉਂਕਿ ਪੰਚਾਇਤਾਂ ਨੂੰ ਲੋਕਤੰਤਰ ਦਾ ਥੰਮ੍ਹ ਮੰਨਿਆ ਜਾਂਦਾ ਹੈ।