ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਤੋਂ ਪੈਰੋਲ ਮਿਲ ਗਈ ਹੈ। ਬਲਵੰਤ ਸਿੰਘ ਰਾਜੋਆਣਾ ਨੂੰ ਤਿੰਨ ਘੰਟੇ ਦੀ ਪੈਰੋਲ ਮਿਲੀ ਹੈ। ਬਲਵੰਤ ਸਿੰਘ ਰਾਜੋਆਣਾ ਦੇ ਭਰਾ ਕੁਲਵੰਤ ਸਿੰਘ ਰਾਜੋਆਣਾ ਦੀ ਮੌਤ ਤੋਂ ਬਾਅਦ ਬੁੱਧਵਾਰ ਨੂੰ ਉਨ੍ਹਾਂ ਦੇ ਪਿੰਡ ਵਿੱਚ ਪਾਏ ਜਾਣ ਵਾਲੇ ਭੋਗ ਅਤੇ ਅੰਤਿਮ ਅਰਦਾਸ ‘ਚ ਸ਼ਾਮਿਲ ਹੋਣ ਲਈ ਪੈਰੋਲ ਮਿਲ ਗਈ ਹੈ। ਹਾਈਕੋਰਟ ਨੇ ਰਾਜੋਆਣਾ ਨੂੰ ਪੁਲਿਸ ਹਿਰਾਸਤ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਆਪਣੇ ਭਰਾ ਦੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਣ ਦੀ ਇਜਾਜ਼ਤ ਦੇ ਦਿੱਤੀ ਹੈ।
ਪਟਿਆਲਾ ਜੇਲ੍ਹ ਵਿੱਚ ਬੰਦ ਰਾਜੋਆਣਾ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ 20 ਨਵੰਬਰ ਨੂੰ ਆਪਣੇ ਭਰਾ ਦੇ ਭੋਗ ਅਤੇ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਣ ਲਈ ਆਰਜ਼ੀ ਪੈਰੋਲ ਦੀ ਮੰਗ ਕੀਤੀ ਸੀ। ਪਟੀਸ਼ਨ ‘ਚ ਕਿਹਾ ਗਿਆ ਸੀ ਕਿ ਉਸ ਦੇ ਭਰਾ ਕੁਲਵੰਤ ਸਿੰਘ ਰਾਜੋਆਣਾ ਦੀ 14 ਨਵੰਬਰ ਨੂੰ ਮੌਤ ਹੋ ਗਈ ਸੀ। ਉਨ੍ਹਾਂ ਦਾ ਭੋਗ 20 ਨਵੰਬਰ ਨੂੰ ਲੁਧਿਆਣਾ ਦੇ ਪਿੰਡ ਰਾਜੋਆਣਾ ਕਲਾਂ ਦੇ ਮੰਜੀ ਸਾਹਿਬ ਗੁਰਦੁਆਰੇ ਵਿਖੇ ਹੈ। ਉਨ੍ਹਾਂ ਨੂੰ ਇਸ ਪ੍ਰੋਗਰਾਮ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।
ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਜਨਵਰੀ 2022 ਵਿੱਚ ਹਾਈ ਕੋਰਟ ਨੇ ਉਨ੍ਹਾਂ ਨੂੰ ਪਿਤਾ ਦੀ ਮੌਤ ਤੋਂ ਬਾਅਦ ਪੁਲਿਸ ਹਿਰਾਸਤ ਵਿੱਚ ਭੋਗ ਅਤੇ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਸੀ। ਇਸ ਆਧਾਰ ‘ਤੇ ਰਾਜੋਆਣਾ ਨੇ ਹੁਣ ਮੁੜ ਆਪਣੇ ਭਰਾ ਦੀ ਅੰਤਿਮ ਅਰਦਾਸ ‘ਚ ਸ਼ਾਮਿਲ ਹੋਣ ਲਈ ਆਰਜ਼ੀ ਪੈਰੋਲ ਦੇਣ ਦੀ ਮੰਗ ਕੀਤੀ ਸੀ।