ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ਅਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਸੀਐਮ ਮਾਨ ਨੇ ਦੋਸ਼ ਲਾਇਆ ਹੈ ਕਿ ਕੇਂਦਰ ਸਰਕਾਰ ਜਾਣਬੁੱਝ ਕੇ ਕਿਸਾਨਾਂ ਨਾਲ ਗੱਲਬਾਤ ਨਹੀਂ ਕਰਨਾ ਚਾਹੁੰਦੀ। ਮੁੱਖ ਮੰਤਰੀ ਭਗਵੰਤ ਨੇ ਵੀਰਵਾਰ ਨੂੰ ਕਿਹਾ ਕਿ ਕੇਂਦਰ ਸਰਕਾਰ ਨੂੰ ਆਪਣਾ ਅੜੀਅਲ ਰਵੱਈਆ ਛੱਡ ਕੇ ਕਿਸਾਨਾਂ ਨਾਲ ਤੁਰੰਤ ਗੱਲਬਾਤ ਸ਼ੁਰੂ ਕਰਨੀ ਚਾਹੀਦੀ ਹੈ। ਮਾਨ ਨੇ ਕਿਹਾ ਕਿ ਉਹ ਰੋਜ਼ਾਨਾ ਕੇਂਦਰ ਨਾਲ ਗੱਲ ਕਰ ਰਹੇ ਹਨ ਕਿ ਇਹ ਡੈੱਡਲਾਕ ਖਤਮ ਕੀਤਾ ਜਾਵੇ। ਇਸ ਦੇ ਬਾਵਜੂਦ ਕੇਂਦਰ ਕਿਸਾਨਾਂ ਨੂੰ ਗੱਲਬਾਤ ਲਈ ਨਹੀਂ ਬੁਲਾ ਰਹੇ ।
ਮਾਨ ਨੇ ਕਿਹਾ ਕਿ ਕਿਸਾਨ ਦਿੱਲੀ ਜਾਣਾ ਚਾਹੁੰਦੇ ਹਨ ਅਤੇ ਹਰਿਆਣਾ ਸਰਕਾਰ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ‘ਤੇ ਅੱਥਰੂ ਗੈਸ ਦੇ ਗੋਲੇ ਅਤੇ ਪਾਣੀ ਦੀਆਂ ਤੋਪਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਸਭ ਲਈ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਇਆ ਜਾ ਰਿਹਾ ਹੈ। ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬੀਆਂ ਨੂੰ ਆਪਸ ਵਿੱਚ ਲੜਾਉਣਾ ਚਾਹੁੰਦੀ ਹੈ। ਮੈਂ ਨਹੀਂ ਚਾਹੁੰਦਾ ਕਿ ਪੰਜਾਬ ਵਿੱਚ ਕੋਈ ਮਾਹੌਲ ਖਰਾਬ ਹੋਵੇ। ਉਨ੍ਹਾਂ ਕਿਸਾਨ ਆਗੂ ਡੱਲੇਵਾਲ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਸਿਹਤ ਦਾ ਖਿਆਲ ਰੱਖਣ ਕਿਉਂਕਿ ਇੰਨੇ ਲੰਬੇ ਅੰਦੋਲਨ ਲਈ ਉਨ੍ਹਾਂ ਦੀ ਲੋੜ ਹੈ।