ਆਖਰ 30 ਸਾਲਾਂ ਬਾਅਦ ਬਾਦਲ ਪਰਿਵਾਰ ਦੇ ਹੱਥੋਂ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ ਖੁੱਸ ਗਈ ਹੈ। ਸ਼ੁੱਕਰਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦਫਤਰ ਵਿਖੇ ਹੋਈ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਦੌਰਾਨ ਸੁਖਬੀਰ ਬਾਦਲ ਦਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਪ੍ਰਵਾਨ ਕਰ ਲਿਆ ਗਿਆ। ਅਕਾਲੀ ਦਲ ਦੀ ਕਮਾਨ ਤਿੰਨ ਦਹਾਕਿਆਂ ਤੱਕ ਬਾਦਲ ਪਰਿਵਾਰ ਦੇ ਹੱਥਾਂ ਵਿੱਚ ਰਹੀ। ਬਾਦਲ ਪਰਿਵਾਰ ਆਪਣੇ ਸੱਤਾ ਦੌਰਾਨ ਸੂਬੇ ਅੰਦਰ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਹੋਰ ਗਲਤੀਆਂ ਕਾਰਨ ਅੱਜ ਇਸ ਮੁਕਾਮ ‘ਤੇ ਪਹੁੰਚਿਆ ਹੈ।
ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਵਰਕਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਪ੍ਰਧਾਨਗੀ ਹੇਠ ਹੋਈ, ਜੋ ਸ਼ਾਮ 6 ਵਜੇ ਤੱਕ ਜਾਰੀ ਰਹੀ। ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾ: ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸਾਬਕਾ ਪ੍ਰਧਾਨ ਸੁਖਬੀਰ ਬਾਦਲ ਦਾ ਅਸਤੀਫਾ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਸੁਣਾਈ ਗਈ ਧਾਰਮਿਕ ਸਜ਼ਾ ਦੀ ਪੂਰਤੀ ਲਈ ਪ੍ਰਵਾਨ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਨਵੀਂ ਕਮੇਟੀ ਬਣਾ ਕੇ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 1 ਮਾਰਚ ਨੂੰ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।