ਡੋਨਾਲਡ ਟਰੰਪ ਜਿਵੇਂ ਹੀ ਯੂਨਾਈਟਿਡ ਸਟੇਟਸ ਆਫ ਅਮਰੀਕਾ (ਯੂ.ਐੱਸ.) ਦੇ ਰਾਸ਼ਟਰਪਤੀ ਬਣੇ, ਉਨ੍ਹਾਂ ਨੇ ਗੈਰ-ਕਾਨੂੰਨੀ ਢੰਗ ਨਾਲ ਰਹਿਣ ਵਾਲੇ ਲੋਕਾਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ। ਇਸ ਤਹਿਤ ਅਮਰੀਕਾ ਤੋਂ ਡਿਪੋਰਟ ਕੀਤੇ ਜਾ ਰਹੇ 205 ਭਾਰਤੀਆਂ ਨੂੰ ਲੈ ਕੇ ਜਹਾਜ਼ ਬੁੱਧਵਾਰ ਸਵੇਰੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਅੰਮ੍ਰਿਤਸਰ ‘ਤੇ ਉਤਰੇਗਾ। ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਨ੍ਹਾਂ ਸਾਰੇ ਭਾਰਤੀਆਂ ਨੂੰ ਹਿਰਾਸਤ ਵਿੱਚ ਲਿਆ ਜਾਵੇਗਾ। ਏਅਰਪੋਰਟ ‘ਤੇ ਉਨ੍ਹਾਂ ਦੇ ਦਸਤਾਵੇਜ਼ਾਂ ਦੀ ਜਾਂਚ ਕਰਨ ਤੋਂ ਬਾਅਦ ਇਨ੍ਹਾਂ ਸਾਰਿਆਂ ਨੂੰ ਉਨ੍ਹਾਂ ਦੇ ਘਰ ਭੇਜ ਦਿੱਤਾ ਜਾਵੇਗਾ।
ਜਾਣਕਾਰੀ ਮੁਤਾਬਿਕ ਅਮਰੀਕੀ ਫੌਜ ਦੇ ਜਹਾਜ਼ ਸੀ-17 ਨੇ ਮੰਗਲਵਾਰ ਨੂੰ ਅਮਰੀਕਾ ਦੇ ਸੈਨ ਐਂਟੋਨੀਓ ਤੋਂ ਅੰਮ੍ਰਿਤਸਰ ਹਵਾਈ ਅੱਡੇ ਲਈ ਉਡਾਣ ਭਰੀ। ਜਹਾਜ਼ ਵਿੱਚ ਕੁੱਲ 205 ਭਾਰਤੀ ਸਵਾਰ ਹਨ। ਉਨ੍ਹਾਂ ਨੂੰ ਕੁਝ ਦਿਨ ਪਹਿਲਾਂ ਹੀ ਅਮਰੀਕੀ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ। ਭਾਰਤੀ ਸਮੇਂ ਮੁਤਾਬਕ ਇਹ ਜਹਾਜ਼ ਬੁੱਧਵਾਰ ਸਵੇਰੇ ਕਰੀਬ 9 ਵਜੇ ਹਵਾਈ ਅੱਡੇ ‘ਤੇ ਉਤਰੇਗਾ। ਇਸ ਤੋਂ ਬਾਅਦ ਸਾਰੇ ਲੋਕਾਂ ਦੀ ਇਮੀਗ੍ਰੇਸ਼ਨ ਜਾਂਚ ਹੋਵੇਗੀ। ਇਸ ਦੇ ਨਾਲ ਹੀ ਇਹ ਵੀ ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਅਜਿਹੇ ਕਈ ਲੋਕ ਹੋ ਸਕਦੇ ਹਨ ਜਿਨ੍ਹਾਂ ਖ਼ਿਲਾਫ਼ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਅਪਰਾਧਿਕ ਮਾਮਲੇ ਦਰਜ ਹਨ। ਅਜਿਹੇ ‘ਚ ਮੌਕੇ ‘ਤੇ ਹੀ ਉਨ੍ਹਾਂ ਲੋਕਾਂ ਦੀ ਪਛਾਣ ਕਰਕੇ ਗ੍ਰਿਫਤਾਰ ਕੀਤਾ ਜਾਵੇਗਾ।