ਪੰਜਾਬ ਦੀ ਸਿਆਸਤ ‘ਚ ਸ਼ੁਰੂ ਹੋਈ ਹਲਚਲ ਨਿਰੰਤਰ ਜਾਰੀ ਹੈ। ਜਿੱਥੇ ਪੰਜਾਬ ਕਾਂਗਰਸ ਵਿੱਚ ਸ਼ੁਰੂ ਹੋਇਆ ਕਾਟੋ ਕਲੇਸ਼ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ, ਉੱਥੇ ਹੀ ਹੁਣ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਕੋਈ ਵੱਡਾ ਧਮਾਕਾ ਕਰ ਕਾਂਗਰਸ ਦੀਆਂ ਮੁਸ਼ਕਿਲਾਂ ‘ਚ ਵਾਧਾ ਕਰ ਸਕਦੇ ਹਨ। ਦੱਸ ਦੇਈਏ ਕਿ ਕੈਪਟਨ ਅਮਰਿੰਦਰ ਸਿੰਘ ਇੱਕ ਵਾਰ ਫਿਰ ਦਿੱਲੀ ਦੌਰੇ ‘ਤੇ ਗਏ ਹਨ। ਕੈਪਟਨ 2 ਦਿਨਾਂ ਲਈ ਦਿੱਲੀ ਦੇ ਦੌਰੇ ‘ਤੇ ਗਏ ਹਨ। ਉੱਥੇ ਹੀ ਇਸ ਦੌਰੇ ਦੌਰਾਨ ਸੋਮਵਾਰ ਨੂੰ ਕੈਪਟਨ ਇੱਕ ਵਾਰ ਫਿਰ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲ ਸਕਦੇ ਹਨ। ਕੁੱਝ ਮੀਡੀਆ ਰਿਪੋਰਟਸ ਵਿੱਚ ਦਾਅਵਾ ਕੀਤਾ ਜਾ ਰਿਹਾ ਹੈ, ਕਿ ਕੈਪਟਨ ਇੱਕ ਨਵੀ ਪਾਰਟੀ ਦਾ ਐਲਾਨ ਕਰ ਸਕਦੇ ਹਨ।
ਪਰ ਉਸ ਤੋਂ ਪਹਿਲਾ ਦਿੱਲੀ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਹੋਣ ਵਾਲੀ ਮੁਲਾਕਾਤ ਵੀ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਭਾਵੇਂ ਕੈਪਟਨ ਨੇ ਕਾਂਗਰਸ ਛੱਡਣ ਦੇ ਸੰਕੇਤ ਦੇ ਦਿੱਤੇ ਹਨ ਪਰ ਉਨ੍ਹਾਂ ਨੇ ਅਜੇ ਤੱਕ ਆਪਣੇ ਪੱਤੇ ਨਹੀਂ ਖੋਲ੍ਹੇ। ਉਨ੍ਹਾਂ ਦੀਆਂ ਗਤੀਵਿਧੀਆਂ ‘ਤੇ ਨਾ ਸਿਰਫ ਕਾਂਗਰਸ ਬਲਕਿ ਹੋਰ ਸਿਆਸੀ ਪਾਰਟੀਆਂ ਦੀਆਂ ਨਜ਼ਰਾਂ ਵੀ ਟਿਕੀਆਂ ਹੋਈਆਂ ਹਨ। ਉੱਥੇ ਹੀ ਸਾਬਕਾ ਮੁੱਖ ਮੰਤਰੀ ਦੇ ਦਿੱਲੀ ਦੌਰੇ ਨੂੰ ਕੇਂਦਰੀ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਅੰਦੋਲਨ ਦਾ ਹੱਲ ਲੱਭਣ ਵਿੱਚ ਮਹੱਤਵਪੂਰਣ ਭੂਮਿਕਾ ਨਿਭਾਉਣ ਵੱਜੋਂ ਵੀ ਦੇਖਿਆ ਜਾ ਰਿਹਾ ਹੈ। ਚਰਚਾ ਹੈ ਕਿ ਕੈਪਟਨ ਕਿਸਾਨਾਂ ਦੇ ਮਸਲੇ ਦਾ ਹੱਲ ਕਰਵਾ ਕੇ ਪੰਜਾਬ ਦੀ ਰਾਜਨੀਤੀ ‘ਚ ਇੱਕ ਵੱਡੀ ਹਲਚਲ ਪੈਦਾ ਕਰ ਸਕਦੇ ਹਨ। ਫਿਲਹਾਲ ਹੁਣ ਸਭ ਦੀਆਂ ਨਜ਼ਰਾਂ ਕੈਪਟਨ ਦੇ ਦਿੱਲੀ ਦੌਰੇ ‘ਤੇ ਟਿਕੀਆਂ ਹੋਈਆਂ ਹਨ ਕਿ ਕੀ ਇਸ ਫੇਰੀ ਦੌਰਾਨ ਕੈਪਟਨ ਕੋਈ ਵੱਡਾ ਧਮਾਕਾ ਕਰਨਗੇ ਜਾ ਨਹੀਂ।