ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਅੰਦੋਲਨ ਕਰ ਰਹੇ ਕਿਸਾਨਾਂ ਦੇ ਵਫਦ ਅਤੇ ਕੇਂਦਰ ਸਰਕਾਰ ਵਿਚਾਲੇ ਸ਼ਨੀਵਾਰ ਨੂੰ ਚੰਡੀਗੜ੍ਹ ‘ਚ ਹੋਈ ਛੇਵੀਂ ਮੀਟਿੰਗ ਵੀ ਬੇਸਿੱਟਾ ਰਹੀ। ਮੀਟਿੰਗ ਕਰੀਬ ਢਾਈ ਘੰਟੇ ਤੱਕ ਚੱਲੀ ਪਰ ਕੋਈ ਹੱਲ ਨਹੀਂ ਨਿਕਲਿਆ। ਹੁਣ ਅਗਲੀ ਮੀਟਿੰਗ 19 ਮਾਰਚ ਨੂੰ ਹੋਵੇਗੀ। ਮੀਟਿੰਗ ਤੋਂ ਬਾਅਦ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਮੀਟਿੰਗ ਚੰਗੇ ਮਾਹੌਲ ਵਿੱਚ ਹੋਈ। ਕੁਝ ਡਾਟਾ ਮੰਗਿਆ ਗਿਆ ਹੈ। ਕਿਸਾਨਾਂ ਦਾ ਆਪਣਾ ਡਾਟਾ ਹੈ ਅਤੇ ਕੇਂਦਰ ਸਰਕਾਰ ਦਾ ਆਪਣਾ ਡਾਟਾ ਹੈ। ਦੋਵੇਂ ਡੇਟਾ ਨੂੰ ਮਿਲਾ ਦਿੱਤਾ ਜਾਵੇਗਾ। ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਪ੍ਰਹਿਲਾਦ ਜੋਸ਼ੀ ਅਤੇ ਪਿਊਸ਼ ਗੋਇਲ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਭੁੱਖ ਹੜਤਾਲ ਖਤਮ ਕਰਨ ਦੀ ਅਪੀਲ ਕੀਤੀ। ਡੱਲੇਵਾਲ ਨੇ ਕਿਹਾ ਕਿ ਜਦੋਂ ਤੱਕ ਸਾਰੀਆਂ ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਨਹੀਂ ਦਿੱਤੀ ਜਾਂਦੀ ਉਦੋਂ ਤੱਕ ਮਰਨ ਵਰਤ ਖਤਮ ਨਹੀਂ ਹੋਵੇਗਾ। ਡੱਲੇਵਾਲ ਐਂਬੂਲੈਂਸ ਵਿੱਚ ਖਨੌਰੀ ਸਰਹੱਦ ਤੋਂ ਪੁੱਜੇ ਸਨ।
