ਯੂਨਾਈਟਿਡ ਕਿਸਾਨ ਮੋਰਚਾ (ਐਸਕੇਐਮ) ਅਤੇ ਪੰਜਾਬ ਸਰਕਾਰ ਦਰਮਿਆਨ ਸੋਮਵਾਰ ਨੂੰ ਹੋਈ ਮੀਟਿੰਗ ਬੇਸਿੱਟਾ ਰਹੀ। ਇਸ ਤੋਂ ਬਾਅਦ ਕਿਸਾਨਾਂ ਨੇ ਐਲਾਨ ਕੀਤਾ ਸੀ ਕਿ ਉਹ 5 ਮਾਰਚ ਨੂੰ ਚੰਡੀਗੜ੍ਹ ਵਿੱਚ ਧਰਨਾ ਦੇਣਗੇ। ਇਸ ਤੋਂ ਬਾਅਦ ਮੰਗਲਵਾਰ ਸਵੇਰੇ ਪੁਲਿਸ ਨੇ ਪੰਜਾਬ ਦੇ ਕਈ ਕਿਸਾਨ ਆਗੂਆਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ। ਪੁਲਿਸ ਨੇ ਕਿਸਾਨ ਆਗੂਆਂ ਨੂੰ ਹਿਰਾਸਤ ‘ਚ ਲੈਣ ਲਈ ਮਾਲਵੇ ਦੇ ਕਈ ਇਲਾਕਿਆਂ ਵਿੱਚ ਛਾਪੇ ਮਾਰੇ ਹਨ।
ਪੰਜਾਬ ਪੁਲਿਸ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਦੇ ਪਿੰਡ ਵਿੱਚ ਛਾਪਾ ਮਾਰਿਆ ਪਰ ਪੁਲਿਸ ਖਾਲੀ ਹੱਥ ਪਰਤ ਗਈ। ਲੁਧਿਆਣਾ ਬੀਕੇਯੂ ਉਗਰਾਹਾਂ ਦੇ ਜਨਰਲ ਸਕੱਤਰ ਘੱਗਰ ਸਿੰਘ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਪੁਲਿਸ ਨੇ ਸਵੇਰੇ 4.30 ਵਜੇ ਅਬੋਹਰ ਵਿੱਚ ਕਿਸਾਨ ਆਗੂ ਸੁਖਜਿੰਦਰ ਸਿੰਘ ਰਾਜਨ ਦੇ ਘਰ ਛਾਪਾ ਮਾਰਿਆ। ਕਿਸਾਨ ਆਗੂ ਨੇ ਸਵਾਲ ਕੀਤਾ ਕਿ ਕੀ ਅਸੀਂ ਅਪਰਾਧੀ ਹਾਂ ਕਿ ਸਾਡੇ ਘਰ ਇੰਨੀ ਸਵੇਰੇ ਪੁਲਿਸ ਭੇਜ ਦਿੱਤੀ ਗਈ ਹੈ। ਕਈ ਆਗੂਆਂ ਨੂੰ ਘਰਾਂ ‘ਚ ਵੀ ਨਜ਼ਰਬੰਦ ਕੀਤਾ ਗਿਆ ਹੈ।
ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਗੁੱਸੇ ਵਿੱਚ ਕਿਸਾਨਾਂ ਨਾਲ ਮੀਟਿੰਗ ਵਿਚਾਲੇ ਛੱਡ ਕੇ ਚਲੇ ਗਏ ਸੀ। ਇਸ ਮਗਰੋਂ ਕਿਸਾਨਾਂ ਨੇ 5 ਮਾਰਚ ਨੂੰ ਚੰਡੀਗੜ੍ਹ ਵਿੱਚ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ। ਇਸ ਦੇ ਨਾਲ ਹੀ ਮੀਟਿੰਗ ਤੋਂ ਬਾਅਦ ਸੀਐਮ ਮਾਨ ਨੇ ਟਵਿੱਟਰ ‘ਤੇ ਲਿਖਿਆ-ਸੜਕ ਜਾਮ ਕਰਨਾ, ਟਰੇਨ ਰੋਕਣਾ ਜਾਂ ਪੰਜਾਬ ਬੰਦ ਕਰਨਾ ਕਿਸੇ ਵੀ ਸਮੱਸਿਆ ਦਾ ਹੱਲ ਨਹੀਂ ਹੈ। ਜਿਸ ਦਾ ਖਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪੈਂਦਾ ਹੈ। ਇਸ ਦਾ ਅਸਰ ਸਮਾਜ ਦੇ ਹੋਰ ਵਰਗਾਂ ਦੇ ਕੰਮ ਅਤੇ ਕਾਰੋਬਾਰ ‘ਤੇ ਵੀ ਪੈਂਦਾ ਹੈ, ਜਿਸ ਦਾ ਧਿਆਨ ਰੱਖਣਾ ਚਾਹੀਦਾ ਹੈ।