ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਮੀਟਿੰਗ ਸ਼ੁੱਕਰਵਾਰ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਹੈ। ਮੀਟਿੰਗ ਵਿੱਚ ਕਾਰਜਕਾਰਨੀ ਵੱਲੋਂ ਕਈ ਫੈਸਲੇ ਲਏ ਗਏ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਕਾਰਜਕਾਰਨੀ ਨੇ ਸ੍ਰੀ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਹਾਲਾਂਕਿ ਗਿਆਨੀ ਰਘਬੀਰ ਸਿੰਘ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵੱਜੋਂ ਸੇਵਾ ਨਿਭਾਉਂਦੇ ਰਹਿਣਗੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਾਰਜਕਾਲ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਚੁੱਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਬਾਰੇ ਹਾਲੇ ਕੋਈ ਫ਼ੈਸਲਾ ਨਹੀਂ ਲਿਆ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗਿਆਨੀ ਰਘਬੀਰ ਸਿੰਘ ਦੀ ਥਾਂ ਗਿਆਨੀ ਕੁਲਦੀਪ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਨਿਯੁਕਤ ਕੀਤਾ ਹੈ। ਸ਼੍ਰੋਮਣੀ ਕਮੇਟੀ ਨੇ ਇੱਕ ਹੋਰ ਫੈਸਲਾ ਲੈਂਦਿਆਂ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਵੀ ਅਹੁਦੇ ਤੋਂ ਹਟਾ ਦਿੱਤਾ ਹੈ। ਉਨ੍ਹਾਂ ਦੀ ਥਾਂ ‘ਤੇ ਬਾਬਾ ਟੇਕ ਸਿੰਘ ਧਨੌਲਾ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦਾ ਜਥੇਦਾਰ ਨਿਯੁਕਤ ਕੀਤਾ ਗਿਆ ਹੈ।