ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੋਮਵਾਰ ਨੂੰ ਅੰਮ੍ਰਿਤ ਵੇਲੇ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਦੀ ਹਾਜ਼ਰੀ ਵਿੱਚ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵੱਜੋਂ ਸੇਵਾ ਸੰਭਾਲ ਲਈ ਹੈ। ਜਦਕਿ ਪਹਿਲਾਂ ਉਨ੍ਹਾਂ ਦੇ ਸੇਵਾ ਸੰਭਾਲ ਦਾ ਸਮਾਂ 10 ਵਜੇ ਤੈਅ ਕੀਤਾ ਗਿਆ ਸੀ। ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਜੀ ਅੰਮ੍ਰਿਤ ਵੇਲੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੁੱਜੇ ਜਿਸ ਉਪਰੰਤ ਉਹ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਦੇ ਸੇਵਾ ਸੰਭਾਲਣ ਤੋਂ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ ਨੇ ਅਰਦਾਸ ਕੀਤੀ ਅਤੇ ਉਪਰੰਤ ਪੰਜ ਪਿਆਰੇ ਸਾਹਿਬਾਨ ਨੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਨੂੰ ਦਸਤਾਰ ਭੇਟ ਕੀਤੀ।
ਉੱਥੇ ਹੀ ਨਿਹੰਗ ਜਥੇਬੰਦੀਆਂ ਦੇ ਮੁਖੀ ਬਾਬਾ ਬਲਬੀਰ ਸਿੰਘ ਨੇ ਜਥੇਦਾਰ ਨੂੰ ਪ੍ਰਵਾਨ ਨਾ ਕਰਨ ਦੀ ਗੱਲ ਆਖੀ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸੇਵਾ ਸੰਭਾਲ ਸਮੇਂ ਤੋਂ ਪਹਿਲਾਂ ਕਰਵਾ ਦਿੱਤੀ ਗਈ ਹੈ। ਨਿਯਮਾਂ ਦੀ ਵੀ ਉਲੰਘਣਾ ਕੀਤੀ ਗਈ ਹੈ ਕਿਉਂਕਿ ਇਹ ਮਰਿਆਦਾ ਦੇ ਅਨੁਸਾਰ ਨਹੀਂ ਕੀਤੀ ਗਈ ਹੈ। ਉਨ੍ਹਾਂ ਦਾ ਵਿਰੋਧ ਕੀਤਾ ਜਾਵੇਗਾ।