ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੰਗਲਵਾਰ ਨੂੰ ਹਰਜਿੰਦਰ ਸਿੰਘ ਧਾਮੀ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਦਾ ਅਹੁਦਾ ਮੁੜ ਸੰਭਾਲਣ ਲਈ ਰਾਜ਼ੀ ਕੀਤਾ। ਧਾਮੀ ਨੇ ਕੁਝ ਦਿਨ ਪਹਿਲਾਂ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ਨੂੰ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਕਮੇਟੀ ਨੇ ਰੱਦ ਕਰ ਦਿੱਤਾ ਸੀ। ਬਾਦਲ ਨੇ ਧਾਮੀ ਨਾਲ ਕਰੀਬ 40 ਮਿੰਟ ਤੱਕ ਚੱਲੀ ਮੁਲਾਕਾਤ ਦੌਰਾਨ ਉਨ੍ਹਾਂ ਨਾਲ ਸਿੱਖਾਂ ਅਤੇ ਪੰਥ ਨੂੰ ਦਰਪੇਸ਼ ਚੁਣੌਤੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ ਉਨ੍ਹਾਂ ਨੂੰ ਇਸ ਅਹੁਦੇ ‘ਤੇ ਬਣੇ ਰਹਿਣ ਦੀ ਅਪੀਲ ਕੀਤੀ। ਮੀਟਿੰਗ ਤੋਂ ਬਾਅਦ ਧਾਮੀ ਨੇ ਮੀਡੀਆ ਨੂੰ ਦੱਸਿਆ ਕਿ ਉਹ ਪਾਰਟੀ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਆਉਂਦੇ ਇੱਕ-ਦੋ ਦਿਨਾਂ ਵਿੱਚ ਅਹੁਦਾ ਸੰਭਾਲਣਗੇ।
