ਪੰਜਾਬ ‘ਚ ਗਰਮੀ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਸਥਿਤੀ ਇਹ ਹੈ ਕਿ ਅਪ੍ਰੈਲ ਦੇ ਦੂਜੇ ਹਫ਼ਤੇ ਤੋਂ ਪਹਿਲਾਂ ਹੀ ਤਾਪਮਾਨ 40 ਡਿਗਰੀ ਸੈਲਸੀਅਸ ਤੱਕ ਪਹੁੰਚ ਰਿਹਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਤਾਪਮਾਨ ਹੋਰ ਵਧੇਗਾ। ਦਿਨ ਵੇਲੇ ਤੇਜ਼ ਧੁੱਪ ਕਾਰਨ ਕੂਲਰ ਅਤੇ ਏ.ਸੀ ਵੀ ਪੂਰੀ ਰਫ਼ਤਾਰ ਨਾਲ ਚੱਲ ਰਹੇ ਹਨ। ਬਠਿੰਡਾ ‘ਚ ਐਤਵਾਰ ਨੂੰ ਸੀਜ਼ਨ ਦਾ ਸਭ ਤੋਂ ਗਰਮ ਦਿਨ 39.7 ਡਿਗਰੀ ਦਰਜ ਕੀਤਾ ਗਿਆ। ਇਸ ਤਰ੍ਹਾਂ ਵੱਧ ਤੋਂ ਵੱਧ ਤਾਪਮਾਨ ਵਿੱਚ 1.7 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਅਤੇ ਹੁਣ ਇਹ ਆਮ ਨਾਲੋਂ 4.6 ਡਿਗਰੀ ਵੱਧ ਹੈ। ਮੌਸਮ ਵਿਭਾਗ ਨੇ ਸੋਮਵਾਰ ਤੋਂ ਚਾਰ ਦਿਨਾਂ ਲਈ ਪੰਜਾਬ ਵਿੱਚ ਹੀਟ ਵੇਵ ਦਾ ਯੈਲੋ ਅਲਰਟ ਜਾਰੀ ਕੀਤਾ ਹੈ।
ਵਿਭਾਗ ਮੁਤਾਬਿਕ ਇਸ ਦੌਰਾਨ ਤਾਪਮਾਨ ‘ਚ 2 ਤੋਂ 4 ਡਿਗਰੀ ਦਾ ਵਾਧਾ ਦਰਜ ਕੀਤਾ ਜਾ ਸਕਦਾ ਹੈ। ਇਸ ਦੌਰਾਨ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਪਾਰਾ 40 ਡਿਗਰੀ ਨੂੰ ਵੀ ਪਾਰ ਕਰ ਸਕਦਾ ਹੈ। ਵਿਭਾਗ ਮੁਤਾਬਿਕ ਸੋਮਵਾਰ ਤੋਂ 10 ਅਪ੍ਰੈਲ ਤੱਕ ਪੰਜਾਬ ਦੇ ਦੱਖਣੀ ਅਤੇ ਪੱਛਮੀ ਹਿੱਸਿਆਂ ‘ਚ ਤਾਪਮਾਨ 40-42 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।ਐਤਵਾਰ ਨੂੰ ਪੰਜਾਬ ਦੇ ਘੱਟੋ-ਘੱਟ ਤਾਪਮਾਨ ‘ਚ ਵੀ 0.5 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਨੇ 10 ਅਤੇ 11 ਅਪ੍ਰੈਲ ਨੂੰ ਪੰਜਾਬ ‘ਚ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।