ਜੰਮੂ-ਕਸ਼ਮੀਰ ਦੇ ਪਹਿਲਗਾਮ ਦੇ ਬੈਸਰਨ ਵਿੱਚ ਮੰਗਲਵਾਰ ਨੂੰ ਇੱਕ ਵੱਡਾ ਅੱਤਵਾਦੀ ਹਮਲਾ ਹੋਇਆ। ਅੱਤਵਾਦੀਆਂ ਨੇ ਸੈਲਾਨੀਆਂ ਦੇ ਇੱਕ ਸਮੂਹ ਨੂੰ ਨਿਸ਼ਾਨਾ ਬਣਾਇਆ, ਜਿਸ ਵਿੱਚ 26 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਇਸ ਹਮਲੇ ਵਿੱਚ ਇੱਕ ਦਰਜਨ ਤੋਂ ਵੱਧ ਲੋਕ ਜ਼ਖਮੀ ਵੀ ਹੋਏ ਹਨ, ਜਿਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਸੁਰੱਖਿਆ ਬਲਾਂ ਵੱਲੋਂ ਅੱਤਵਾਦੀਆਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਸੀਆਰਪੀਐਫ ਦੀ ਕੁਇੱਕ ਐਕਸ਼ਨ ਟਾਸਕ ਫੋਰਸ ਵੀ ਅੱਤਵਾਦੀਆਂ ਦੀ ਭਾਲ ਕਰ ਰਹੀ ਹੈ। ਇਸ ਦੌਰਾਨ, ਗ੍ਰਹਿ ਮੰਤਰੀ ਅਮਿਤ ਸ਼ਾਹ ਸ੍ਰੀਨਗਰ ਵਿੱਚ ਹਨ ਅਤੇ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਹੇ ਹਨ। ਇਸ ਹਮਲੇ ਤੋਂ ਬਾਅਦ ਦਿੱਲੀ ਅਤੇ ਮੁੰਬਈ ਵਿੱਚ ਵੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ।
