17 ਨਵੰਬਰ ਬੁੱਧਵਾਰ ਨੂੰ ਯਾਨੀ ਕਿ ਅੱਜ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਦਾ ਇੱਕ ਵਫ਼ਦ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕਰੇਗਾ ਤੇ ਇਹ ਉਮੀਦ ਜਤਾਈ ਜਾ ਰਹੀ ਹੈ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ ਕੋਈ ਵੱਡਾ ਐਲਾਨ ਹੋ ਸਕਦਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਦੱਸਿਆ ਕਿ ਵਫਦ ਵੱਲੋਂ ਮੁੱਖ ਮੰਤਰੀ ਤੋਂ ਡੀ.ਏ.ਪੀ ਦੀ ਢੁਕਵੀਂ ਅਤੇ ਸਮੇਂ ਸਿਰ ਸਪਲਾਈ ਦੀ ਮੰਗ ਕੀਤੀ ਜਾਵੇਗੀ ਤੇ ਨਾਲ ਹੀ ਝੋਨੇ ਦੀ ਖਰੀਦ ਨੂੰ ਲੈ ਕੇ ਵੀ ਵਿਚਾਰ-ਚਰਚਾ ਕੀਤੀ ਜਾਵੇਗੀ।
ਇਸ ਦੇ ਨਾਲ ਹੀ ਚੰਨੀ ਸਰਕਾਰ ਤੋਂ ਕਿਸਾਨ ਅੰਦੋਲਨ ਦੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਅਤੇ ਤੁਰੰਤ ਅਦਾਇਗੀ ਦੇਣ ਅਤੇ ਰੋਜ਼ਗਾਰ ਦੇ ਪ੍ਰਬੰਧ ਕੀਤੇ ਜਾਣ ਦੀ ਮੰਗ ਕੀਤੀ ਜਾਵੇਗੀ। ਦੱਸ ਦੇਈਏ ਕਿ 11 ਮਹੀਨਿਆਂ ਤੋਂ ਜਿਆਦਾ ਸਮੇਂ ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ MSP ‘ਤੇ ਪੱਕਾ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਉੱਥੇ ਹੀ ਅੰਦੋਲਨ ਨੂੰ 26 ਨਵੰਬਰ ਨੂੰ 1 ਸਾਲ ਵੀ ਪੂਰਾ ਹੋਣ ਜਾ ਰਿਹਾ ਹੈ, ਇਸ ਕਰਨ ਮੁੱਖ ਮੰਤਰੀ ਚੰਨੀ ਨਾਲ ਕਿਸਾਨਾਂ ਦੀ ਇਹ ਬੈਠਕ ਅਹਿਮ ਮੰਨੀ ਜਾ ਰਹੀ ਹੈ।