ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਦੀ ਜਾਂਚ ਲਈ ਇੱਕ ਵਾਰ ਫਿਰ ਐਸਆਈਟੀ ਦਾ ਗਠਨ ਕੀਤਾ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ, ਉੱਤਰ ਪ੍ਰਦੇਸ਼ ਸਰਕਾਰ ਨੇ ਇਸ ਮਾਮਲੇ ਵਿੱਚ ਰੋਜ਼ਾਨਾ ਆਧਾਰ ‘ਤੇ ਰਾਜ ਦੀ ਐਸਆਈਟੀ ਜਾਂਚ ਦੀ ਨਿਗਰਾਨੀ ਕਰਨ ਲਈ ਸੁਪਰੀਮ ਕੋਰਟ ਦੁਆਰਾ ਨਿਯੁਕਤ ਸਾਬਕਾ ਜੱਜ ਦੇ ਸੁਝਾਅ ‘ਤੇ ਸਹਿਮਤੀ ਜਤਾਈ ਸੀ। 3 ਅਕਤੂਬਰ ਨੂੰ ਵਾਪਰੀ ਘਟਨਾ ਵਿੱਚ ਚਾਰ ਕਿਸਾਨਾਂ , ਇੱਕ ਪੱਤਰਕਾਰ ਸਣੇ ਅੱਠ ਲੋਕਾਂ ਦੀ ਜਾਨ ਚਲੀ ਗਈ ਸੀ।
ਸੁਪਰੀਮ ਕੋਰਟ ਨੇ ਪੰਜਾਬ-ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਜਸਟਿਸ ਰਾਕੇਸ਼ ਕੁਮਾਰ ਜੈਨ ਨੂੰ ਜਾਂਚ ਦੀ ਨਿਗਰਾਨੀ ਲਈ ਨਿਯੁਕਤ ਕੀਤਾ ਹੈ। ਸੁਪਰੀਮ ਕੋਰਟ ਨੇ ਐਸਆਈਟੀ ਵਿੱਚ ਇੱਕ ਮਹਿਲਾ ਸਮੇਤ ਤਿੰਨ ਸੀਨੀਅਰ ਆਈਪੀਐਸ ਦੀ ਨਿਯੁਕਤੀ ਦੇ ਵੀ ਹੁਕਮ ਦਿੱਤੇ ਹਨ। ਇਹ ਅਧਿਕਾਰੀ ਸ਼ਿਰੋਡਕਰ, ਪ੍ਰੀਤਇੰਦਰ ਸਿੰਘ ਅਤੇ ਪਦਮਜਾ ਚੌਹਾਨ ਹੋਣਗੇ। ਅਦਾਲਤ ਨੇ ਕਿਹਾ ਹੈ ਕਿ ਜਸਟਿਸ ਜੈਨ ਨਿਰਪੱਖ ਜਾਂਚ ਯਕੀਨੀ ਬਣਾਉਣਗੇ। ਚਾਰਜਸ਼ੀਟ ਦਾਇਰ ਹੋਣ ਤੋਂ ਬਾਅਦ ਇਸ ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ।