ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨੋਂ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਐਲਾਨ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਕੈਪਟਨ ਅਮਰਿੰਦਰ ਨੇ ਭਾਜਪਾ ਸਾਹਮਣੇ ਜੋ ਸ਼ਰਤ ਰੱਖੀ ਸੀ, ਉਹ ਹੁਣ ਪੂਰੀ ਹੋ ਚੁੱਕੀ ਹੈ। ਹੁਣ ਇਹ ਵੀ ਤੈਅ ਹੈ ਕਿ ਉਹ ਭਾਜਪਾ ਨਾਲ ਸੀਟਾਂ ਵੰਡ ਕੇ ਵਿਧਾਨ ਸਭਾ ਚੋਣਾਂ ਲੜਨਗੇ। ਕੈਪਟਨ ਨੇ ਪਹਿਲਾਂ ਹੀ ਕਿਹਾ ਸੀ ਕਿ ਜਿਵੇਂ ਹੀ ਖੇਤੀਬਾੜੀ ਕਾਨੂੰਨ ਰੱਦ ਕੀਤੇ ਜਾਣਗੇ ਅਤੇ ਕਿਸਾਨ ਅੰਦੋਲਨ ਖਤਮ ਹੋਵੇਗਾ, ਉਹ ਭਾਜਪਾ ਨਾਲ ਚੋਣ ਲੜਨਗੇ। ਹੁਣ ਇਹ ਵੀ ਤੈਅ ਹੋ ਗਿਆ ਹੈ ਕਿ ਕੈਪਟਨ ਸਾਢੇ ਤਿੰਨ ਮਹੀਨਿਆਂ ਬਾਅਦ ਭਾਜਪਾ ਨਾਲ ਮਿਲ ਕੇ ਸੂਬੇ ਵਿੱਚ ਚੋਣਾਂ ਲੜਨਗੇ।
ਕੈਪਟਨ ਅਮਰਿੰਦਰ ਸਿੰਘ ਨੇ ਇਸ ਗੱਲ ‘ਤੇ ਖੁਸ਼ੀ ਜ਼ਾਹਿਰ ਕੀਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਦੀ ਗੱਲ ਸੁਣ ਕੇ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਸਮਝਿਆ ਅਤੇ ਖੇਤੀਬਾੜੀ ਐਕਟ ਨੂੰ ਰੱਦ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ, ‘ਮੈਂ ਇਸ ਮੁੱਦੇ ਨੂੰ ਲਗਾਤਾਰ ਉਠਾਉਂਦਾ ਰਿਹਾ ਅਤੇ ਕੇਂਦਰ ਸਰਕਾਰ ਨੂੰ ਮਿਲਦਾ ਰਿਹਾ ਹਾਂ।’ ਉੱਥੇ ਹੀ ਹੁਣ ਕਈ ਸਿਆਸੀ ਮਾਹਿਰਾਂ ਵੱਲੋਂ ਕਿਆਸ ਲਗਾਏ ਜਾ ਰਹੇ ਨੇ ਕਿ ਕੇਂਦਰ ਦੇ ਇਸ ਫੈਸਲੇ ਪਿੱਛੋਂ ਕਾਂਗਰਸ ‘ਚ ਵੀ ਖਿਲਾਰਾ ਪੈ ਸਕਦਾ ਹੈ। ਕਿਹਾ ਜਾ ਰਿਹਾ ਹੈ ਕਿ ਹੁਣ ਕਈ ਕਾਂਗਰਸੀ ਵਿਧਾਇਕ ਵੀ ਕਾਂਗਰਸ ਛੱਡ ਸਕਦੇ ਹਨ। ਵਿਧਾਇਕ ਕਾਂਗਰਸ ਛੱਡ ਕੈਪਟਨ ਅਮਰਿੰਦਰ ਸਿੰਘ ਦਾ ਸਾਥ ਦੇ ਸਕਦੇ ਹਨ।