ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਐਲਾਨ ਤੋਂ ਬਾਅਦ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਦੇ ਫੈਸਲੇ ‘ਤੇ ਅੱਜ ਸੰਸਦ ਦੀ ਮੋਹਰ ਵੀ ਲੱਗ ਗਈ ਹੈ। ਵਿਰੋਧੀ ਧਿਰ ਖੇਤੀ ਕਾਨੂੰਨਾਂ ਨੂੰ ਵਾਪਿਸ ਲੈਣ ਦੇ ਬਿੱਲ ‘ਤੇ ਚਰਚਾ ਦੀ ਮੰਗ ‘ਤੇ ਅੜੀ ਹੋਈ ਸੀ ਪਰ ਸਰਕਾਰ ਚਰਚਾ ਕਰਨ ਲਈ ਤਿਆਰ ਨਹੀਂ ਸੀ। ਵਿਰੋਧੀ ਧਿਰ ਦੇ ਹੰਗਾਮੇ ਵਿਚਕਾਰ ਖੇਤੀਬਾੜੀ ਕਾਨੂੰਨਾਂ ਨੂੰ ਵਾਪਿਸ ਲੈਣ ਦਾ ਬਿੱਲ ਲੋਕ ਸਭਾ ਅਤੇ ਰਾਜ ਸਭਾ ਨੇ ਪਾਸ ਕਰ ਦਿੱਤਾ ਹੈ। ਹੁਣ ਰਾਸ਼ਟਰਪਤੀ ਦੀ ਮਨਜ਼ੂਰੀ ਮਿਲਦੇ ਹੀ ਤਿੰਨੋਂ ਕਾਨੂੰਨ ਰੱਦ ਕਰ ਦਿੱਤੇ ਜਾਣਗੇ।
ਇਸ ਤੋਂ ਪਹਿਲਾਂ ਵਿਰੋਧੀ ਧਿਰ ਦੇ ਹੰਗਾਮੇ ਦਰਮਿਆਨ ਲੋਕ ਸਭਾ ਪਹਿਲਾਂ ਹੀ ਫਾਰਮ ਲਾਅਜ਼ ਰੀਪੀਲ ਬਿੱਲ, 2021 ਨੂੰ ਮਨਜ਼ੂਰੀ ਦੇ ਚੁੱਕੀ ਹੈ। ਇਸ ਬਿੱਲ ਨੂੰ ਲੋਕ ਸਭਾ ‘ਚ ਵੀ ਬਿਨਾਂ ਚਰਚਾ ਤੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਲਈ ਖੇਤੀਬਾੜੀ ਕਾਨੂੰਨ ਰੱਦ ਕਰਨ ਵਾਲਾ ਬਿੱਲ 2021 ਪੇਸ਼ ਕੀਤਾ।