ਸੋਮਵਾਰ ਨੂੰ ਖੇਤੀ ਕਾਨੂੰਨਾਂ ਦੀ ਵਾਪਸੀ ਅਤੇ ਕਿਸਾਨ ਅੰਦੋਲਨ ਦੇ ਮੁਲਤਵੀ ਹੋਣ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਪਹੁੰਚੇ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਉਹ ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ ਕਰਨਗੇ। ਉਨ੍ਹਾਂ ਕਿਹਾ ਕਿ ਕਿਸਾਨ ਲੰਮੀ ਜੱਦੋ ਜਹਿਦ ਤੋਂ ਬਾਅਦ ਘਰ ਪਰਤ ਆਏ ਹਨ, ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨ ਕੇ ਕਿਸਾਨ ਅੰਦੋਲਨ ਨੂੰ ਸਫਲ ਬਣਾਇਆ ਹੈ । ਇੱਕ ਸਾਲ 14 ਦਿਨ ਦੇ ਲੰਬੇ ਸੰਘਰਸ਼ ਤੋਂ ਬਾਅਦ ਕਿਸਾਨਾਂ ਨੇ ਇਹ ਅੰਦੋਲਨ ਜਿੱਤਿਆ ਹੈ ਤੇ ਇਸੇ ਲਈ ਅਸੀਂ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕਰਨ ਲਈ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ ਹਾਂ।
ਮਿਸ਼ਨ ਪੰਜਾਬ ਬਾਰੇ ਗੱਲ ਕਰਦਿਆਂ ਕਿਹਾ ਉਨ੍ਹਾਂ ਕਿ ਚਾਰ-ਪੰਜ ਦਿਨਾਂ ਵਿੱਚ ਉਹ ਵੱਡਾ ਧਮਾਕਾ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਸੰਕੇਤ ਦਿੱਤੇ ਕਿ ਕਿਸਾਨ ਜਥੇਬੰਦੀਆਂ ਦੇ ਆਗੂ ਸਿਆਸਤ ਵਿੱਚ ਐਂਟਰੀ ਕਰ ਸਕਦੇ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਉਨ੍ਹਾਂ ਨੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਸਿਆਸਤ ਵਿੱਚ ਆਉਣ ਲਈ ਸੱਦਾ ਵੀ ਦਿੱਤਾ ਸੀ।