ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈਕੇ ਵੱਖ-ਵੱਖ ਸਿਆਸੀ ਪਾਰਟੀਆਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਬੀਤੇ ਦਿਨੀਂ ਕਿਸਾਨ ਯੂਨੀਅਨ ਨੇ ਸੰਯੁਕਤ ਸਮਾਜ ਮੋਰਚਾ ਹੇਠ ਚੋਣਾਂ ਲੜਨ ਦਾ ਐਲਾਨ ਕੀਤਾ ਸੀ। ਪੰਜਾਬ ਚੋਣਾਂ ਬਾਰੇ ਅੱਜ ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਿਰਭੇ ਸਿੰਘ ਢੁਡੀਕੇ ਦਾ ਬਿਆਨ ਆਇਆ ਹੈ। ਦਰਅਸਲ ਕਿਰਤੀ ਕਿਸਾਨ ਯੂਨੀਅਨ ਨੇ ਸੰਯੁਕਤ ਸਮਾਜ ਮੋਰਚਾ ਦਾ ਸਮਰਥਨ ਕਰਨ ਅਤੇ ਇਸ ਵਿੱਚ ਸ਼ਾਮਿਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਯੂਨੀਅਨ ਦੇ ਪ੍ਰਧਾਨ ਦਾ ਕਹਿਣਾ ਹੈ ਕਿ ਉਨ੍ਹਾਂ ਵਲੋਂ ਚੋਣਾਂ ਨਹੀਂ ਲੜੀਆਂ ਜਾਣਗੀਆਂ ਅਤੇ ਨਾ ਹੀ ਕੋਈ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰਿਆ ਜਾਵੇਗਾ। ਯੂਨੀਅਨ ਨੇ ਬਾਕੀ ਕਿਸਾਨਾਂ ਨੂੰ ਵੀ ਸਲਾਹ ਦਿੱਤੀ ਕਿ ਉਹ ਸਿਆਸਤ ਛੱਡ ਕੇ ਵਾਪਿਸ ਆ ਜਾਣ।
ਢੁਡੀਕੇ ਨੇ ਕਿਹਾ ਕਿ ਹਾਲੇ ਕਿਸਾਨਾਂ ਦੇ ਵੱਡੇ ਮਸਲੇ ਹੱਲ ਨਹੀਂ ਹੋਏ ਹਨ। ਉਨ੍ਹਾਂ ਦੂਜੇ ਕਿਸਾਨ ਨੇਤਾਵਾਂ ਨੂੰ ਅਪੀਲ ਕੀਤੀ ਕਿ ਹਾਲੇ ਕਿਸਾਨਾਂ ਦੀ ਲੜਾਈ ਪੂਰੀ ਨਹੀਂ ਹੋਈ ਹੈ। ਇਸ ਲਈ ਉਹ ਚੋਣਾਂ ਬਾਰੇ ਮੁੜ ਤੋਂ ਫੈਸਲਾ ਕਰਨ। ਉਨ੍ਹਾਂ ਕਿਹਾ ਕਿ ਜੇਕਰ ਸਾਡੇ ਸਾਥੀ ਵਾਪਿਸ ਨਹੀਂ ਆਏ ਤਾਂ ਉਨ੍ਹਾਂ ਨਾਲ ਵੀ ਉਹੀ ਕੁੱਝ ਹੋਵੇਗਾ ਜੋ ਦੂਜੇ ਰਾਜਨੀਤਕ ਪਾਰਟੀਆਂ ਨਾਲ ਹੋ ਰਿਹਾ ਹੈ। ਇਸ ਮੌਕੇ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਕਿਹਾ ਕਿ ਜਿਹੜੇ ਕਿਸਾਨ ਨੇਤਾ ਚੋਣ ਮੈਦਾਨ ਵਿੱਚ ਉਤਰਣ ਦੀ ਤਿਆਰੀ ਵਿੱਚ ਲੱਗੇ ਹਨ, ਉਹ ਆਪਣੇ ਫੈਸਲੇ ਉਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ। ਅਸੀਂ ਚੋਣਾਂ ਦੌਰਾਨ ਇੱਕ ਮੁਹਿੰਮ ਚਲਾ ਕੇ ਜਨਤਕ ਮੁੱਦੇ ਚੁੱਕਾਂਗੇ।