ਕੁੱਝ ਮਹੀਨਿਆਂ ਤੱਕ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈਕੇ ਵੱਖ-ਵੱਖ ਸਿਆਸੀ ਪਾਰਟੀਆਂ ਨੇ ਤਿਆਰੀਆਂ ਖਿੱਚ ਲਈਆਂ ਹਨ। ਬੀਤੇ ਦਿਨੀਂ ਕੁੱਝ ਕਿਸਾਨ ਯੂਨੀਅਨਾਂ ਨੇ ਸੰਯੁਕਤ ਸਮਾਜ ਮੋਰਚਾ ਹੇਠ ਚੋਣਾਂ ਲੜਨ ਦਾ ਐਲਾਨ ਕੀਤਾ ਸੀ। ਉੱਥੇ ਹੀ, ਇਸ ਵਿਚਕਾਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਸ਼ੁੱਕਰਵਾਰ ਨੂੰ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਚੋਣਾਂ ਵਿੱਚ ਹਿੱਸਾ ਨਹੀਂ ਲੈਣਗੇ।
ਯੂਨੀਅਨ ਨੇ ਕਿਹਾ ਕਿ ਇੱਕ ਵਾਰ ਉਨ੍ਹਾਂ ਨੇ 10 ਸੂਬਿਆਂ ਵਿੱਚ ਚੋਣਾਂ ਲੜੀਆਂ ਸੀ। ਉਹ ਫੇਲ ਹੋਏ ਸੀ। ਹੁਣ ਵੀ ਉਨ੍ਹਾਂ ਨੂੰ ਹਲਾਤ ਚੰਗੇ ਨਹੀਂ ਲੱਗਦੇ। ਇਸ ਦੇ ਨਾਲ ਹੀ ਯੂਨੀਅਨ ਨੇ ਕਿਹਾ ਕਿ ਮੋਰਚਾ ਖਤਮ ਨਹੀਂ ਹੋਇਆ ਸਿਰਫ਼ ਥੋੜ੍ਹੇ ਸਮੇਂ ਲਈ ਕਿਸਾਨ ਛੁੱਟੀ ‘ਤੇ ਗਏ ਹਨ। ਉਨ੍ਹਾਂ ਦੂਜੇ ਕਿਸਾਨ ਨੇਤਾਵਾਂ ਨੂੰ ਅਪੀਲ ਕੀਤੀ ਕਿ ਉਹ ਚੋਣਾਂ ਬਾਰੇ ਮੁੜ ਤੋਂ ਫੈਸਲਾ ਕਰਨ। ਉਨ੍ਹਾਂ ਕਿਹਾ ਕਿ ਜੇਕਰ ਸਾਡੇ ਸਾਥੀ ਵਾਪਸ ਨਹੀਂ ਆਏ ਤਾਂ ਉਨ੍ਹਾਂ ਨਾਲ ਵੀ ਉਹੀ ਕੁਝ ਹੋਵੇਗਾ ਜੋ ਦੂਜੇ ਰਾਜਨੀਤਕ ਪਾਰਟੀਆਂ ਨਾਲ ਹੋ ਰਿਹਾ ਹੈ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਉਹ 2022 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਣਗੇ ਨਾ ਹੀ ਕਿਸੇ ਰਾਜਨੀਤਿਕ ਪਾਰਟੀ ਦਾ ਸਮਰਥਨ ਕਰਨਗੇ। ਉਨ੍ਹਾਂ ਨੇ ਕਿਹਾ ਕਿ ਬੇਸ਼ੱਕ ਕੁੱਝ ਕਿਸਾਨ ਜਥੇਬੰਦੀਆਂ ਵੱਲੋਂ ਰਾਜਨੀਤਿਕ ਪਾਰਟੀ ਬਣਾ ਲਈ ਹੈ ਪਰ ਉਹ ਰਾਜਨੀਤਿਕ ਪਾਰਟੀ ਦਾ ਸਮਰਥਨ ਨਹੀਂ ਕਰਦੇ ਅਤੇ ਨਾ ਹੀ ਚੋਣਾਂ ਲੜਨਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਹ ਕਿਸਾਨਾਂ ਦੇ ਮਸਲੇ ਚੁੱਕਣਗੇ ਅਤੇ ਸੰਯੁਕਤ ਕਿਸਾਨ ਮੋਰਚੇ ਅਨੁਸਾਰ ਚੋਣਾਂ ਤੋਂ ਦੂਰ ਰਹਿਣਗੇ।