ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਵਿੱਚ ਕਰਫਿਊ ਲਗਾਉਣ ਦਾ ਫੈਸਲਾ ਕੀਤਾ ਹੈ। ਪੰਜਾਬ ਸਰਕਾਰ ਨੇ ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਗਾ ਦਿੱਤਾ ਹੈ। ਇਸ ਦੇ ਨਾਲ ਹੀ ਸਕੂਲ ਅਤੇ ਕਾਲਜ ਬੰਦ ਕਰਨ ਦਾ ਵੀ ਫੈਸਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲ-ਕਾਲਜ 15 ਜਨਵਰੀ ਤੱਕ ਬੰਦ ਰੱਖੇ ਜਾਣਗੇ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਹੰਗਾਮੀ ਮੀਟਿੰਗ ਸੱਦੀ ਸੀ, ਜਿਸ ਵਿੱਚ ਇਹ ਫੈਸਲਾ ਲਿਆ ਗਿਆ ਹੈ। ਫੈਸਲੇ ਮੁਤਾਬਿਕ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਲਗਾਇਆ ਜਾਵੇਗਾ। ਬਾਰ, ਸਿਨੇਮਾ ਹਾਲ, ਮਲਟੀਪਲੈਕਸ, ਮਾਲ, ਰੈਸਟੋਰੈਂਟ, ਸਪਾ, ਅਜਾਇਬ ਘਰ ਅਤੇ ਚਿੜੀਆਘਰ 50% ਸਮਰੱਥਾ ਨਾਲ ਕੰਮ ਕਰ ਸਕਦੇ ਹਨ।
ਇਸ ਤੋਂ ਇਲਾਵਾ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਸਮੇਤ ਸਾਰੇ ਵਿਦਿਅਕ ਅਦਾਰੇ ਆਫਲਾਈਨ ਕਲਾਸਾਂ ਲਈ ਬੰਦ ਰਹਿਣਗੇ। ਇਸ ਦੌਰਾਨ ਵਰਚੁਅਲ ਕਲਾਸਾਂ ਜਾਰੀ ਰਹਿਣਗੀਆਂ। ਹਾਲਾਂਕਿ ਮੈਡੀਕਲ ਅਤੇ ਨਰਸਿੰਗ ਕਾਲਜਾਂ ਨੂੰ ਆਮ ਵਾਂਗ ਕੰਮ ਕਰਨ ਦੀ ਇਜਾਜ਼ਤ ਹੋਵੇਗੀ। ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਖੇਡ ਕੰਪਲੈਕਸ, ਸਟੇਡੀਅਮ, ਸਵੀਮਿੰਗ ਪੂਲ ਅਤੇ ਜਿੰਮ ਬੰਦ ਰਹਿਣਗੇ। ਸਿਰਫ਼ ਰਾਸ਼ਟਰੀ ਜਾਂ ਅੰਤਰਰਾਸ਼ਟਰੀ ਮੁਕਾਬਲਿਆਂ ਲਈ ਸਿਖਲਾਈ ਲੈਣ ਵਾਲੇ ਖਿਡਾਰੀਆਂ ਨੂੰ ਹੀ ਦਾਖ਼ਲੇ ਦੀ ਇਜਾਜ਼ਤ ਹੋਵੇਗੀ। ਇਸ ਦੇ ਨਾਲ ਹੀ, ਸਿਰਫ਼ ਪੂਰੀ ਤਰ੍ਹਾਂ ਟੀਕਾਕਰਨ ਵਾਲੇ ਕਰਮਚਾਰੀਆਂ ਨੂੰ ਹੀ ਸਰਕਾਰੀ ਅਤੇ ਨਿੱਜੀ ਦਫ਼ਤਰਾਂ ਵਿੱਚ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ।