ਖੇਤੀ ਕਾਨੂੰਨ ਰੱਦ ਕਰਨ ਅਤੇ ਕਿਸਾਨ ਅੰਦੋਲਨ ਦੇ ਮੁਲਤਵੀ ਹੋਣ ਮਗਰੋਂ ਬੁੱਧਵਾਰ ਨੂੰ ਪਹਿਲੀ ਵਾਰ ਪ੍ਰਧਾਨ ਮੰਤਰੀ ਪੰਜਾਬ ਪਹੁੰਚ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਨੂੰ ਪੰਜਾਬ ਦੇ ਫ਼ਿਰੋਜ਼ਪੁਰ ਦਾ ਦੌਰਾ ਕਰਨਗੇ ਅਤੇ ਇਸ ਦੌਰਾਨ ਉਹ ਸੂਬੇ ਵਿੱਚ 42,750 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਵੀ ਰੱਖਣਗੇ। ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਾਅਦ ਪੀਐਮ ਮੋਦੀ ਦੀ ਇਹ ਪਹਿਲੀ ਪੰਜਾਬ ਫੇਰੀ ਹੈ। ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਪ੍ਰਧਾਨ ਮੰਤਰੀ ਦੀ ਰੈਲੀ ‘ਚ ਸ਼ਿਰਕਤ ਕਰਨਗੇ।
ਪੀਐਮਓ ਨੇ ਇੱਕ ਬਿਆਨ ਵਿੱਚ ਕਿਹਾ ਕਿ ਇਸ ਦੌਰੇ ਦੌਰਾਨ ਪ੍ਰਧਾਨ ਮੰਤਰੀ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ, ਅੰਮ੍ਰਿਤਸਰ-ਊਨਾ ਸੈਕਸ਼ਨ ਨੂੰ ਚਾਰ ਮਾਰਗੀ ਕਰਨ, ਮੁਕੇਰੀਆਂ-ਤਲਵਾੜਾ ਰੇਲ ਲਾਈਨ ਦਾ ਗੇਜ ਬਦਲਣ, ਫਿਰੋਜ਼ਪੁਰ ‘ਚ ਪੀਜੀਆਈ ਸੈਟੇਲਾਈਟ ਸੈਂਟਰ ਅਤੇ ਕਪੂਰਥਲਾ ਅਤੇ ਹੁਸ਼ਿਆਰਪੁਰ ਵਿਖੇ ਦੋ ਨਵੇਂ ਮੈਡੀਕਲ ਕਾਲਜਾਂ ਦੀ ਸਥਾਪਨਾ ਨਾਲ ਸਬੰਧਤ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣਗੇ।