ਅੰਮ੍ਰਿਤਸਰ ਤੋਂ ਇੱਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਬੀਤੇ ਦਿਨ ਗੋਲਡਨ ਗੇਟ ਕੋਲ ਬੁਲੇਟ ਮੋਟਰਸਾਈਕਲ ‘ਤੇ ਜਾ ਰਹੇ ਇੱਕ ਨੌਜਵਾਨ ਦੀ ਦਰਦਨਾਕ ਹਾਦਸੇ ‘ਚ ਮੌਤ ਹੋ ਗਈ। ਜਾਣਕਾਰੀ ਮੁਤਾਬਿਕ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਨੌਜਵਾਨ ਰੱਖੜ ਪੁੰਨਿਆ ‘ਤੇ ਬਾਬਾ ਬਕਾਲਾ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਜਾ ਰਿਹਾ ਸੀ। ਜ਼ਿਕਰਯੋਗ ਹੈ ਜਿੱਥੇ ਰੱਖੜੀ ਦੇ ਤਿਉਹਾਰ ਮੌਕੇ ਭੈਣਾਂ ਆਪਣੇ ਭਰਾਵਾਂ ਨੂੰ ਰੱਖੜੀ ਬੰਨ ਰਹੀਆਂ ਸਨ ਉੱਥੇ ਹੀ ਇੱਕ ਘਰ ਦਾ ਚਿਰਾਗ ਬੁੱਝ ਗਿਆ। ਇੱਕ ਅਹਿਮ ਗੱਲ ਇਹ ਵੀ ਹੈ ਕਿ ਮ੍ਰਿਤਕ ਨੌਜਵਾਨ ਦਾ ਨਿਊਜ਼ੀਲੈਂਡ ਦਾ ਵੀਜ਼ਾ ਲੱਗਾ ਹੋਇਆ ਸੀ ਅਤੇ 30 ਤਾਰੀਖ ਨੂੰ ਉਸ ਨੇ ਵਿਦੇਸ਼ ਜਾਣਾ ਸੀ। ਇਸ ਦੌਰਾਨ ਮ੍ਰਿਤਕ ਨੌਜਵਾਨ ਦੀ ਲਾਸ਼ ਵੇਖ ਮਾਂ-ਪਿਓ ਦਾ ਵੀ ਰੋ-ਰੋ ਬੁਰਾ ਹਾਲ ਹੋ ਗਿਆ ਸੀ। ਉੱਥੇ ਹੀ ਮੌਕੇ ‘ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਸੀਸੀਟੀਵੀ ਖੰਗਾਲੇ ਜਾ ਰਹੇ ਹਨ।
