ਪੰਜਾਬ ਦੇ ਜਲੰਧਰ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਸ਼ੀਤਲ ਅੰਗੁਰਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਵਟਸਐਪ ਤੋਂ ਕਾਲ ਕਰਕੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਨੇ ਦੱਸਿਆ ਕਿ ਧਮਕੀਆਂ ਦੇਣ ਵਾਲੇ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪੂਰੇ ਪਰਿਵਾਰ ਨੂੰ ਮਾਰ ਦਿੱਤਾ ਜਾਵੇਗਾ।
‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਸ਼ੀਤਲ ਅੰਗੁਰਾਲ ਅਨੁਸਾਰ ਧਮਕੀ ਦੇਣ ਵਾਲੇ ਕਦੇ ਖੁਦ ਨੂੰ ਲਾਰੈਂਸ ਬਿਸ਼ਨੋਈ ਗੈਂਗ ਦੇ ਬੰਦੇ ਦੱਸ ਰਹੇ ਹਨ। ਸਥਾਨਕ ਮੀਡੀਆ ਮੁਤਾਬਿਕ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਪੁਲਸ ਨੇ ਵਿਧਾਇਕ ਦੀ ਸੁਰੱਖਿਆ ਵਧਾ ਦਿੱਤੀ ਹੈ ਅਤੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਨੇ ਜਾਣਕਾਰੀ ਦਿੱਤੀ ਹੈ ਕਿ ਡੀਸੀਪੀ ਜਸਕਿਰਨਜੀਤ ਸਿੰਘ ਮਾਮਲੇ ਦੀ ਜਾਂਚ ਕਰ ਰਹੇ ਹਨ। ‘ਆਪ’ ਵਿਧਾਇਕ ਨੇ ਦੋਸ਼ ਲਾਇਆ ਹੈ ਕਿ ਉਨ੍ਹਾਂ ਦੇ ਸਿਆਸੀ ਵਿਰੋਧੀਆਂ ਨੇ ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਹਨ।