ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਸੰਜੇ ਸਿੰਘ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਬੁੱਧਵਾਰ 4 ਅਕਤੂਬਰ ਨੂੰ ਗ੍ਰਿਫਤਾਰ ਕਰ ਲਿਆ ਹੈ। ਦਿੱਲੀ ਸ਼ਰਾਬ ਨੀਤੀ ਨਾਲ ਸਬੰਧਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਨੇ ਅੱਜ ਤੜਕੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਸੀ। ਸੰਜੇ ਸਿੰਘ (51) ‘ਆਪ’ ਤੋਂ ਰਾਜ ਸਭਾ ਮੈਂਬਰ ਹਨ। ਈਡੀ ਨੇ ਇਸ ਮਾਮਲੇ ਵਿੱਚ ਪਹਿਲਾਂ ਉਨ੍ਹਾਂ ਦੇ ਸਟਾਫ਼ ਮੈਂਬਰਾਂ ਅਤੇ ਉਨ੍ਹਾਂ ਨਾਲ ਜੁੜੇ ਹੋਰ ਲੋਕਾਂ ਤੋਂ ਪੁੱਛਗਿੱਛ ਕੀਤੀ ਸੀ। ਆਮ ਆਦਮੀ ਪਾਰਟੀ (ਆਪ) ਸੰਜੇ ਸਿੰਘ ਦੀ ਗ੍ਰਿਫਤਾਰੀ ਦੇ ਖਿਲਾਫ ਪ੍ਰਦਰਸ਼ਨ ਕਰ ਰਹੀ ਹੈ। ਸੂਤਰਾਂ ਮੁਤਾਬਿਕ ਕੇਂਦਰੀ ਏਜੰਸੀ ਵੀਰਵਾਰ ਨੂੰ ਸੰਜੇ ਸਿੰਘ ਨੂੰ ਅਦਾਲਤ ‘ਚ ਪੇਸ਼ ਕਰ ਸਕਦੀ ਹੈ। ਜਦੋਂ ਈਡੀ ਨੇ ਸੰਜੇ ਸਿੰਘ ਨੂੰ ਉਨ੍ਹਾਂ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਅਤੇ ਬਾਹਰ ਆਏ ਤਾਂ ਉਨ੍ਹਾਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।