ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਾਰਟੀ ਦੇ ਵਿਧਾਇਕਾਂ ਨੂੰ ਫ਼ੋਨ ‘ਤੇ ਧਮਕੀਆਂ ਦੇਣ ਅਤੇ ਖਰੀਦਣ ਦੀ ਕੋਸ਼ਿਸ਼ ਕਰਨ ਵਾਲੇ ਮੁਲਜ਼ਮਾਂ ਖ਼ਿਲਾਫ਼ ਪੰਜਾਬ ਦੇ ਡੀਜੀਪੀ ਨੂੰ ਸ਼ਿਕਾਇਤ ਦਿੱਤੀ ਹੈ। ਚੀਮਾ ਨੇ ਇਸ ਸਬੰਧੀ ਬੁੱਧਵਾਰ ਸਵੇਰੇ ਚੰਡੀਗੜ੍ਹ ਸਥਿਤ ਆਪਣੀ ਰਿਹਾਇਸ਼ ‘ਤੇ ਪ੍ਰੈੱਸ ਕਾਨਫਰੰਸ ਕੀਤੀ ਅਤੇ ਇਸ ਤੋਂ ਬਾਅਦ ਵਿਧਾਇਕਾਂ ਨਾਲ ਡੀਜੀਪੀ ਦਫ਼ਤਰ ਪੁੱਜੇ। ਚੀਮਾ ਨੇ ਦੱਸਿਆ ਕਿ ਸ਼ਿਕਾਇਤ ਦੇ ਨਾਲ ਉਨ੍ਹਾਂ ਨੇ ਆਡੀਓ ਰਿਕਾਰਡਿੰਗ ਸਮੇਤ ਹੋਰ ਸਬੂਤ ਵੀ ਡੀਜੀਪੀ ਨੂੰ ਦਿੱਤੇ ਹਨ ਤਾਂ ਜੋ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਜਾ ਸਕੇ।
ਇਸ ਦੌਰਾਨ ਚੀਮਾ ਨੇ ਇੱਕ ਵਾਰ ਫਿਰ ਭਾਜਪਾ ‘ਤੇ ‘ਆਪ’ ਵਿਧਾਇਕਾਂ ਨੂੰ ਧਮਕਾਉਣ ਅਤੇ ਖਰੀਦਣ ਦੀ ਕੋਸ਼ਿਸ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੇ ਟਾਊਟਾਂ ਨੇ ਵਿਧਾਇਕ ਬਲਜਿੰਦਰ ਕੌਰ ਨਾਲ ਵੀ ਸੰਪਰਕ ਕੀਤਾ ਹੈ। ਸ਼ੀਤਲ ਅੰਗੁਰਾਲ ਜੋ ਪਿਛਲੇ ਦਿਨੀਂ ਪ੍ਰੈੱਸ ਕਾਨਫਰੰਸ ਵਿੱਚ ਉਨ੍ਹਾਂ ਨਾਲ ਮੌਜੂਦ ਸੀ, ਉਨ੍ਹਾਂ ਨੂੰ ਵੀ ਬਾਅਦ ਵਿੱਚ ਕਿਸੇ ਵੱਲੋਂ ਫੋਨ ’ਤੇ ਧਮਕੀਆਂ ਦਿੱਤੀਆਂ ਗਈਆਂ।
ਉਨ੍ਹਾਂ ਕਿਹਾ ਕਿ ਭਾਜਪਾ ਆਪਰੇਸ਼ਨ ਲੋਟਸ ਰਾਹੀਂ ਪੰਜਾਬ ਵਿੱਚ ‘ਆਪ’ ਦੀ ਸਰਕਾਰ ਨੂੰ ਸਿੱਟਣ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਦਿੱਲੀ ਵਿੱਚ ਨਾਕਾਮ ਸਾਬਿਤ ਹੋਈ ਹੈ। ਜਿਨ੍ਹਾਂ ਰਾਜਾਂ ਵਿੱਚ ਭਾਜਪਾ ਨੂੰ ਸੱਤਾ ਤੋਂ ਬਾਹਰ ਕੀਤਾ ਗਿਆ ਸੀ, ਉੱਥੇ ਇਹ ਦੂਜੀਆਂ ਸਿਆਸੀ ਪਾਰਟੀਆਂ ਦੇ ਵਿਧਾਇਕਾਂ ਨੂੰ ਤੋੜ ਕੇ ਆਪਣੀ ਪਾਰਟੀ ਵਿੱਚ ਸ਼ਾਮਿਲ ਕਰਕੇ ਸੱਤਾ ’ਤੇ ਕਾਬਜ਼ ਹੋਣਾ ਚਾਹੁੰਦੀ ਹੈ। ਚੀਮਾ ਨੇ ਦੋਸ਼ ਲਾਇਆ ਕਿ ਭਾਜਪਾ ਆਪਣੇ ਟਾਊਟਾਂ ਰਾਹੀਂ ਖਰੀਦ ਫਰੋਖਤ ਦੇ ਵਿੱਚ ਲੱਗੀ ਹੋਈ ਹੈ। ਪਾਰਟੀ ਦੇ ਸਾਰੇ ਵਿਧਾਇਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਅਤੇ ਇਮਾਨਦਾਰ ਦੱਸਦਿਆਂ ਚੀਮਾ ਨੇ ਕਿਹਾ ਕਿ ਜੇਕਰ 2500 ਕਰੋੜ ਰੁਪਏ ਦਾ ਪ੍ਰਬੰਧ ਵੀ ਕਰ ਲਿਆ ਜਾਵੇ ਤਾਂ ‘ਆਪ’ ਦਾ ਕੋਈ ਵੀ ਵਿਧਾਇਕ ਟੁੱਟਣ ਵਾਲਾ ਨਹੀਂ ਹੈ।