ਬੁੱਧਵਾਰ ਨੂੰ ਕਿਸਾਨ ਆਗੂਆਂ ਅਤੇ ਹਰਿਆਣਾ ਪ੍ਰਸ਼ਾਸਨ ਦਰਮਿਆਨ ਕਰਨਾਲ ਦੇ ਜ਼ਿਲ੍ਹਾ ਮੈਜਿਸਟਰੇਟ ਦੇ ਦਫਤਰ ਵਿੱਚ ਲੱਗਭਗ ਤਿੰਨ ਘੰਟਿਆਂ ਦੀ ਮੀਟਿੰਗ ਹੋਈ ਹੈ। ਪਰ ਇਸ ਮੀਟਿੰਗ ਦਾ ਵੀ ਕੋਈ ਸਿੱਟਾ ਨਹੀਂ ਨਿਕਲਿਆ। ਪ੍ਰਸ਼ਾਸਨ ਵਲੋਂ ਕਿਸਾਨਾਂ ਦੀ ਕੋਈ ਵੀ ਮੰਗ ਨਹੀਂ ਮੰਨੀ ਗਈ। ਜਿਸ ਤੋਂ ਬਾਅਦ ਕਿਸਾਨ ਲਗਾਤਾਰ ਮਿੰਨੀ ਸਕੱਤਰੇਤ ਦੇ ਬਾਹਰ ਡਟੇ ਹੋਏ ਹਨ। ਹੁਣ ਤੱਕ ਤਿੰਨ ਦੌਰ ਦੀ ਬੈਠਕ ਹੋ ਚੁਕੀ ਹੈ, ਪਰ ਕੋਈ ਨਤੀਜਾ ਨਾ ਨਿਕਲਣ ਤੋਂ ਬਾਅਦ ਕਿਸਾਨਾਂ ਨੇ ਅੱਗੇ ਵੀ ਡਟੇ ਰਹਿਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਹ ਧਰਨੇ ਤੋਂ ਨਹੀਂ ਉੱਠਣਗੇ।
ਇਸ ਤੋਂ ਪਹਿਲਾ ਮੰਗਲਵਾਰ ਨੂੰ ਵੀ ਕਿਸਾਨਾਂ ਦੀ ਪ੍ਰਸ਼ਾਸਨ ਦੇ ਨਾਲ ਮੀਟਿੰਗ ਬੇਸਿੱਟਾਂ ਰਹੀ ਸੀ। ਜਿਸ ਤੋਂ ਬਾਅਦ ਹਜ਼ਾਰਾਂ ਕਿਸਾਨਾਂ ਨੇ ਸਕੱਤਰੇਤ ਵੱਲ ਕੂਚ ਕੀਤਾ ਸੀ, ਅਤੇ ਉਸ ਸਮੇ ਤੋਂ ਹੀ ਲਗਾਤਾਰ ਕਿਸਾਨ ਧਰਨੇ ‘ਤੇ ਡਟੇ ਹੋਏ ਹਨ। ਇਸ ਤੋਂ ਇਲਾਵਾ ਕਿਸਾਨਾਂ ਨੇ ਮੰਗਾਂ ਮੰਨੀਆਂ ਜਾਣ ਤੱਕ ਪੱਕਾ ਮੋਰਚਾ ਲਗਾਉਣ ਦਾ ਐਲਾਨ ਵੀ ਕਰ ਦਿੱਤਾ ਹੈ। ਕਿਸਾਨਾਂ ਦੀ ਮੰਗ ਹੈ ਕਿ ਐਸਡੀਐਮ ਵਿਰੁੱਧ ਕਾਰਵਾਈ ਕੀਤੀ ਜਾਵੇ, ਇਸ ਤੋਂ ਘੱਟ ਕੁੱਝ ਵੀ ਪ੍ਰਵਾਨਿਤ ਨਹੀਂ ਹੈ। ਹਾਲਾਂਕਿ, ਪ੍ਰਸ਼ਾਸਨ ਨੇ ਅਜੇ ਤੱਕ ਉਨ੍ਹਾਂ ਦੀ ਮੰਗ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ।