ਚੰਡੀਗੜ੍ਹ ‘ਚ ਵੀਰਵਾਰ ਰਾਤ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਤਿੰਨ ਕੇਂਦਰੀ ਮੰਤਰੀਆਂ ਅਤੇ ਕਿਸਾਨ ਆਗੂਆਂ ਵਿਚਾਲੇ ਮੀਟਿੰਗ ਹੋਈ ਹੈ। ਮੀਟਿੰਗ ‘ਚ ਕਈ ਮੰਗਾਂ ‘ਤੇ ਸਹਿਮਤੀ ਬਣ ਗਈ ਪਰ ਕਿਸਾਨ ਜਥੇਬੰਦੀਆਂ ਅਜੇ ਵੀ 13 ਫਰਵਰੀ ਨੂੰ ਐਲਾਨੇ ਗਏ ਦਿੱਲੀ ਕੂਚ ਦੇ ਫੈਸਲੇ ‘ਤੇ ਅੜੀਆਂ ਹੋਈਆਂ ਹਨ ਅਤੇ ਉਨ੍ਹਾਂ ਨੇ ਕੇਂਦਰੀ ਆਗੂਆਂ ਨੂੰ ਅਗਲੇ ਦੋ ਦਿਨਾਂ ‘ਚ ਘੱਟੋ-ਘੱਟ ਸਮਰਥਨ ਮੁੱਲ ਸਮੇਤ ਬਾਕੀ ਮੰਗਾਂ ‘ਤੇ ਕੇਂਦਰ ਦਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ ਹੈ। ਇਸ ਤੋਂ ਬਾਅਦ ਕਿਸਾਨ ਜਥੇਬੰਦੀਆਂ 13 ਫਰਵਰੀ ਦੇ ਅੰਦੋਲਨ ਸਬੰਧੀ ਫੈਸਲਾ ਲੈਣਗੀਆਂ।
ਚੰਡੀਗੜ੍ਹ ਦੇ ਸੈਕਟਰ-26 ਸਥਿਤ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ ਕੈਂਪਸ ਵਿਖੇ ਵੀਰਵਾਰ ਸ਼ਾਮ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਵਿਚਕਾਰ ਮੀਟਿੰਗ ਹੋਈ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਮੀਡੀਆ ਨੂੰ ਦੱਸਿਆ ਕਿ ਮੀਟਿੰਗ ਬਹੁਤ ਹੀ ਵਧੀਆ ਮਾਹੌਲ ਵਿੱਚ ਹੋਈ ਅਤੇ ਇਸ ਦੌਰਾਨ ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਦਰਮਿਆਨ ਕਈ ਮੰਗਾਂ ‘ਤੇ ਸਹਿਮਤੀ ਬਣੀ। ਹਾਲਾਂਕਿ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਅਤੇ ਕਿਸਾਨਾਂ ਦਰਮਿਆਨ ਮੀਟਿੰਗਾਂ ਦਾ ਇਹ ਪਹਿਲਾ ਦੌਰ ਸੀ ਅਤੇ ਅਜਿਹੀਆਂ ਹੋਰ ਮੀਟਿੰਗਾਂ ਹੋਣਗੀਆਂ। ਇਸ ਮੀਟਿੰਗ ਵਿੱਚ ਕੇਂਦਰੀ ਮੰਤਰੀ ਪਿਊਸ਼ ਗੋਇਲ, ਅਰਜੁਨ ਮੁੰਡਾ ਅਤੇ ਨਿਤਿਆਨੰਦ ਰਾਏ ਨੇ ਹਿੱਸਾ ਲਿਆ।