ਵੱਡੀ ਜਿੱਤ ਤੋਂ ਬਾਅਦ ਭਗਵੰਤ ਮਾਨ ਨੇ ਸੰਗਰੂਰ ਵਿਖੇ ਲੋਕਾਂ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੀ ਜਿੱਤ ਲਈ ਲੋਕਾਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਈਮਾਨਦਾਰ ਰਾਜਨੀਤੀ ਦੇ ਪੱਖ ‘ਚ ਫਤਵਾ ਦੇਣ ਲਈ ਪੰਜਾਬ ਦੇ ਸ਼ੁੱਭ ਚਿੰਤਕਾਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ। ਮਾਨ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਵਾਅਦਾ ਕੀਤਾ ਕਿ ਤੁਸੀਂ ਆਪਣਾ ਫਰਜ਼ ਨਿਭਾਇਆ ਹੈ ਤੇ ਹੁਣ ਮੇਰੀ ਵਾਪਸੀ ਹੈ। ਇੱਕ ਮਹੀਨੇ ਦੇ ਅੰਦਰ-ਅੰਦਰ ਤੁਸੀਂ ਬਦਲਾਅ ਦੇਖਣਾ ਸ਼ੁਰੂ ਕਰ ਦਿਓਗੇ। ਇਸ ਮੌਕੇ ਭਗਵੰਤ ਮਾਨ ਨੇ ਕਈ ਵੱਡੇ ਐਲਾਨ ਕੀਤੇ। ਉਨ੍ਹਾਂ ਕਿਹਾ ਕਿ ਕਿਸੇ ਵੀ ਸਰਕਾਰੀ ਦਫਤਰ ਵਿਚ ਮੁੱਖ ਮੰਤਰੀ ਦੀ ਫੋਟੋ ਨਹੀਂ ਲਗਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਬੀ.ਆਰ.ਅੰਬੇਦਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਲਗਾਈਆਂ ਜਾਣਗੀਆਂ। ਮਾਨ ਨੇ ਕਿਹਾ ਕਿ ‘ਆਪ’ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੁਕਤ ਕਰਵਾਏਗੀ ਤੇ ਨਾਲ ਹੀ ਉਨ੍ਹਾਂ ਨੂੰ ਰੋਜ਼ਗਾਰ ਵੀ ਮੁਹੱਈਆ ਕਰਵਾਏਗੀ।
ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਹੁਣ ਸਰਕਾਰੀ ਦਫਤਰਾਂ ਵਿਚ ਮੁੱਖ ਮੰਤਰੀ ਦੀ ਫੋਟੋ ਨਹੀਂ ਲੱਗੇਗੀ। ਸਰਕਾਰੀ ਦਫਤਰਾਂ ਵਿਚ ਸ਼ਹੀਦ ਭਗਤ ਸਿੰਘ ਤੇ ਬਾਬਾ ਸਾਹਿਬ ਅੰਬੇਦਕਰ ਦੀਆਂ ਤਸਵੀਰਾਂ ਲਾਈਆਂ ਜਾਣਗੀਆਂ। ਉਨ੍ਹਾਂ ਐਲਾਨ ਕੀਤਾ ਹੈ ਕਿ ਹੁਣ ਆਮ ਲੋਕਾਂ ਦੀ ਸਰਕਾਰ ਆਈ ਹੈ। ਆਮ ਲੋਕਾਂ ਦੀ ਗੱਲ ਸੁਣੀ ਜਾਵੇਗੀ। ਸਰਕਾਰੀ ਦਫਤਰਾਂ ਵਿਚ ਧੱਕੇਸ਼ਾਹੀ ਨਹੀਂ ਚੱਲੇਗੀ। ਲੋਕਾਂ ਦੇ ਕੰਮ ਹੋਣਗੇ। ਸਰਕਾਰ ਦੇ ਪਹਿਲੇ ਮਹੀਨੇ ਵਿਚ ਸਭ ਨਜ਼ਰ ਆਉਣ ਲੱਗੇਗਾ।ਇਸ ਸਮੇਂ ਉਨ੍ਹਾਂ ਦੇ ਮਾਤਾ ਜੀ ਵੀ ਲੋਕਾਂ ਦਾ ਧੰਨਵਾਦ ਕਰਨ ਲਈ ਆਏ। ਉਨ੍ਹਾਂ ਲੋਕਾਂ ਨੂੰ ਭਰੋਸਾ ਦਵਾਇਆ ਕਿ ਹੁਣ ਸਰਕਾਰ ਉਹ (ਲੋਕ) ਚਲਾਉਣਗੇ।