ਦੱਖਣੀ ਕੋਰੀਆ ਦੇ ਗਿਮਹੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਮੰਗਲਵਾਰ ਰਾਤ ਨੂੰ ਵੱਡਾ ਹਾਦਸਾ ਹੋਣ ਤੋਂ ਟਲ ਗਿਆ। ਹਵਾਈ ਅੱਡੇ ‘ਤੇ ਇਕ ਯਾਤਰੀ ਜਹਾਜ਼ ਨੂੰ ਅੱਗ ਲੱਗ ਗਈ। ਇਹ ਅੱਗ ਉਸ ਸਮੇਂ ਲੱਗੀ ਜਦੋਂ ਜਹਾਜ਼ ਉਡਾਣ ਭਰਨ ਦੀ ਤਿਆਰੀ ਕਰ ਰਿਹਾ ਸੀ, ਇਸ ਤੋਂ ਪਹਿਲਾਂ ਹੀ ਜਹਾਜ਼ ਦੇ ਪਿਛਲੇ ਹਿੱਸੇ ‘ਚ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਜਹਾਜ਼ ‘ਚ 176 ਯਾਤਰੀ ਸਵਾਰ ਸਨ। ਜਾਣਕਾਰੀ ਮੁਤਾਬਿਕ ਇਸ ਹਾਦਸੇ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਸਾਰੇ ਯਾਤਰੀਆਂ ਅਤੇ ਚਾਲਕ ਦਲ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ।
ਇਹ ਏਅਰ ਬੁਸਾਨ ਜਹਾਜ਼ ਏ321 ਦੱਖਣੀ-ਪੂਰਬੀ ਸ਼ਹਿਰ ਬੁਸਾਨ ਤੋਂ ਹਾਂਗਕਾਂਗ ਲਈ ਉਡਾਣ ਭਰਨ ਦੀ ਤਿਆਰੀ ਕਰ ਰਿਹਾ ਸੀ ਜਦੋਂ ਜਹਾਜ਼ ਨੂੰ ਅੱਗ ਲੱਗਣ ਦੀ ਪਹਿਲੀ ਸੂਚਨਾ ਮਿਲੀ। ਇਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 45 ਗੱਡੀਆਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ। ਇਹ ਘਟਨਾ ਰਾਤ 10:30 ਵਜੇ ਦੇ ਕਰੀਬ ਵਾਪਰੀ, ਜਿਸ ਦੀ ਵੀਡੀਓ ਵੀ ਸਾਹਮਣੇ ਆਈ ਹੈ। ਅਧਿਕਾਰੀਆਂ ਦੇ ਅਨੁਸਾਰ, ਸਾਰੇ ਯਾਤਰੀਆਂ ਅਤੇ ਚਾਲਕ ਦਲ ਦੇ ਮੈਂਬਰਾਂ ਨੂੰ ਇੱਕ ਇਨਫਲੇਟੇਬਲ ਸਲਾਈਡ ਦੀ ਵਰਤੋਂ ਕਰਕੇ ਬਾਹਰ ਕੱਢਿਆ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ‘ਚ ਤਿੰਨ ਲੋਕ ਜ਼ਖਮੀ ਹੋ ਗਏ ਹਨ ਅਤੇ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਹਾਲਾਂਕਿ ਉਨ੍ਹਾਂ ਦੀ ਹਾਲਤ ਗੰਭੀਰ ਨਹੀਂ ਹੈ। ਫਾਇਰ ਬ੍ਰਿਗੇਡ ਨੇ ਅੱਗ ‘ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਹੈ। ਫਿਲਹਾਲ ਅੱਗ ਲੱਗਣ ਦੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
ਇੱਕ ਮਹੀਨੇ ਦੇ ਅੰਦਰ ਦੱਖਣੀ ਕੋਰੀਆ ਵਿੱਚ ਇਹ ਦੂਜਾ ਜਹਾਜ਼ ਹਾਦਸਾ ਹੈ। ਪਿਛਲੇ ਸਾਲ ਵੀ 29 ਦਸੰਬਰ ਨੂੰ ਦੱਖਣੀ ਕੋਰੀਆ ਵਿੱਚ ਅਜਿਹਾ ਹੀ ਹਾਦਸਾ ਵਾਪਰਿਆ ਸੀ। ਜੇਜੂ ਏਅਰ ਦਾ ਇੱਕ ਬੋਇੰਗ 737-800 ਜਹਾਜ਼ ਮੁਆਨ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ‘ਚ 181 ‘ਚੋਂ 179 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਸਿਰਫ ਦੋ ਲੋਕ ਹੀ ਜ਼ਿੰਦਾ ਬਚੇ ਸਨ। ਜਹਾਜ਼ ਦਾ ਲੈਂਡਿੰਗ ਗੀਅਰ ਕੰਮ ਨਹੀਂ ਕਰ ਰਿਹਾ ਸੀ, ਜਿਸ ਕਾਰਨ ਜਹਾਜ਼ ਰਨਵੇਅ ਤੋਂ ਖਿਸਕ ਗਿਆ ਸੀ, ਕੰਕਰੀਟ ਦੇ ਢਾਂਚੇ ਨਾਲ ਟਕਰਾ ਗਿਆ ਅਤੇ ਅੱਗ ਦੀ ਲਪੇਟ ਵਿਚ ਆ ਗਿਆ ਸੀ।