ਦਿੱਲੀ ਦੀ ਕਾਂਗਰਸ ਨੇਤਾ ਅਲਕਾ ਲਾਂਬਾ ਨੇ ਅੱਜ ਆਮ ਆਦਮੀ ਪਾਰਟੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਠੱਗ ਹੁਣ ਪੰਜਾਬ ਨੂੰ ਠੱਗਣ ਲਈ ਆ ਰਹੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਤਾਂ ਠੱਗੀ ਜਾ ਚੁੱਕੀ ਹੈ, ਹੁਣ ਪੰਜਾਬ ਦੇ ਲੋਕਾਂ ਨੂੰ ਬਚਾਉਣਾ ਹੈ। ਕੇਜਰੀਵਾਲ ਝੂਠੇ ਵਾਅਦੇ ਕਰਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਿਹਾ ਹੈ। ਅਲਕਾ ਲਾਂਬਾ ਨੇ ਸ਼ੁੱਕਰਵਾਰ ਨੂੰ ਪੰਜਾਬ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਗੱਲਾਂ ਕਹੀਆਂ ਹਨ।
ਅਲਕਾ ਲਾਂਬਾ ਨੇ ‘ਆਪ’ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੀਆਂ 18 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਲੜਕੀਆਂ ਅਤੇ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੇ ਕੀਤੇ ਵਾਅਦੇ ‘ਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਕਿਉਂ ਨਹੀਂ ਦਿੱਤੇ। ਜੇਕਰ 1 ਜਨਵਰੀ ਤੋਂ ਦਿੱਲੀ ਦੀਆਂ ਔਰਤਾਂ ਨੂੰ ਮਿਲ ਜਾਵੇ ਤਾਂ ਪੰਜਾਬ ਦੇ ਲੋਕ ‘ਆਪ’ ਨੂੰ ਵੋਟ ਪਾ ਦੇਣ।