ਪੰਜਾਬ ਕਾਂਗਰਸ ਵਿੱਚ ਕਲੇਸ਼ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਕੈਪਟਨ-ਸਿੱਧੂ ਵਿਵਾਦ ਨੂੰ ਸੁਲਝਾਉਣ ਲਈ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਵੀ ਪੰਜਾਬ ਕਾਂਗਰਸ ਵਿੱਚ ਸਭ ਕੁਝ ਠੀਕ ਨਾ ਹੋਣ ਦੀ ਗੱਲ ਮੰਨ ਲਈ ਹੈ। ਰਾਵਤ ਨੇ ਕਿਹਾ ਕਿ ਇਹ ਨਹੀਂ ਕਹਿ ਸਕਦੇ ਕਿ ਸਭ ਠੀਕ ਹੈ ਪਰ ਕੋਸ਼ਿਸ਼ ਜਾਰੀ ਹੈ। ਨਾਲ ਹੀ ਉਨ੍ਹਾਂ ਨੇ ਪੰਜਾਬ ਕੈਬਨਿਟ ਵਿੱਚ ਫੇਰਬਦਲ ‘ਤੇ ਕਿਸੇ ਵੀ ਤਰ੍ਹਾਂ ਦੀ ਚਰਚਾ ਤੋਂ ਇਨਕਾਰ ਕੀਤਾ ਹੈ। ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਕਾਰ ਚੱਲ ਰਹੀ ਖਿੱਚੋਤਾਣ ਵਿੱਚ ਰਾਵਤ ਦੇ ਇਸ ਬਿਆਨ ਨੂੰ ਅਗਾਮੀ ਚੌਣਾਂ ਦੇ ਮੱਦੇਨਜ਼ਰ ਵਿੱਚ ਗੰਭੀਰਤਾ ਨਾਲ ਦੇਖਿਆ ਜਾ ਰਿਹਾ ਹੈ।ਰਾਵਤ ਵੀਰਵਾਰ ਨੂੰ ਵੀ ਚੰਡੀਗੜ੍ਹ ਵਿੱਚ ਹੀ ਰਹੇ। ਰਾਵਤ ਨੇ ਨਵਜੋਤ ਸਿੱਧੂ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਕੋਲ ਤੀਜੇ ਦਿਨ ਕਿਸੇ ਵੱਡੇ ਨੇਤਾ ਨੂੰ ਮਿਲਣ ਦਾ ਸ਼ੈਡਿਊਲ ਨਹੀਂ ਹੈ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਦੇ ਇੰਚਾਰਜ ਹਰੀਸ਼ ਰਾਵਤ ਵਿਚਕਾਰ ਮੈਰਾਥਨ ਮੀਟਿੰਗ ਹੋਈ। ਮੀਟਿੰਗ ਵਿੱਚ, ਰਾਵਤ ਨੇ ਮੁੱਖ ਮੰਤਰੀ ਨੂੰ ਨਾਰਾਜ਼ ਮੰਤਰੀਆਂ ਅਤੇ ਵਿਧਾਇਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਛੇਤੀ ਨਿਪਟਾਰਾ ਕਰਨ ਦੀ ਸਲਾਹ ਦਿੱਤੀ। ਇਸ ਤੋਂ ਇਲਾਵਾ ਖੇਤੀਬਾੜੀ ਸੁਧਾਰ ਕਾਨੂੰਨ, ਬਿਜਲੀ ਸਮਝੌਤੇ, ਦਵਾਈ ਅਤੇ ਬੱਸ ਪਰਮਿਟ ਦੇ ਮੁੱਦਿਆਂ ਨੂੰ ਤੁਰੰਤ ਹੱਲ ਕਰਨ ਲਈ ਕਿਹਾ ਗਿਆ। ਸਿਸਵਾਂ ਫਾਰਮ ਹਾਊਸ ਵਿਖੇ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੰਜਾਬ ਦੇ ਇੰਚਾਰਜ ਹਰੀਸ਼ ਰਾਵਤ ਨੇ ਦੱਸਿਆ ਕਿ ਮੁੱਖ ਮੰਤਰੀ ਨਾਲ ਹਾਈਕਮਾਨ ਦੇ 18 ਸੂਤਰੀ ਏਜੰਡੇ ‘ਤੇ ਚਰਚਾ ਕੀਤੀ ਗਈ ਹੈ। ਅਮਰਿੰਦਰ ਸਿੰਘ ਨੇ ਦੱਸਿਆ ਹੈ ਕਿ ਇਨ੍ਹਾਂ ਸਾਰੇ ਮੁੱਦਿਆਂ ‘ਤੇ ਕੰਮ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਕੈਪਟਨ ਨੂੰ ਨਾਰਾਜ਼ ਵਿਧਾਇਕਾਂ ਅਤੇ ਮੰਤਰੀਆਂ ਨੂੰ ਮਿਲਣ ਅਤੇ ਉਨ੍ਹਾਂ ਨੂੰ ਮਨਾਉਣ ਦੀ ਅਪੀਲ ਕੀਤੀ ਗਈ ਹੈ।