ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ 5 ਜਨਵਰੀ ਨੂੰ ਪੰਜਾਬ ਦੇ ਸਾਰੇ ਟੋਲ ਬੰਦ ਕਰਨ ਦਾ ਐਲਾਨ ਕੀਤਾ ਹੈ। ਇਹ ਸਾਰੇ ਟੋਲ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਬੰਦ ਰਹਿਣਗੇ। ਏਕਤਾ ਉਗਰਾਹਾਂ ਨੇ ਇਹ ਫੈਸਲਾ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਮੰਗ ਪੱਤਰ ਨਾਲ ਸਹਿਮਤ ਹੁੰਦਿਆਂ ਲਿਆ ਹੈ। ਏਕਤਾ ਉਗਰਾਹਾਂ ਦੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪੰਜਾਬ ਦੇ 18 ਟੋਲ 15 ਜਨਵਰੀ ਤੱਕ ਮੁਫ਼ਤ ਕੀਤੇ ਜਾ ਚੁੱਕੇ ਹਨ। ਕੇਂਦਰ ਸਰਕਾਰ ਅਤੇ ਪਿਛਲੀਆਂ ਸਰਕਾਰਾਂ ਵਾਂਗ ਪੰਜਾਬ ਦੀ ਸਰਕਾਰ ਵੀ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਭੁਗਤ ਰਹੀ ਹੈ। ਇਸ ਦੀ ਵੱਡੀ ਮਿਸਾਲ ਜੀਰਾ ਫੈਕਟਰੀ ਨੂੰ ਦੱਸਿਆ ਗਿਆ ਹੈ। ਜਿਨ੍ਹਾਂ ਮੰਗਾਂ ‘ਤੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਸੰਘਰਸ਼ ਕਰ ਰਹੀ ਹੈ, ਉਨ੍ਹਾਂ ‘ਤੇ ਸਹਿਮਤੀ ਜਤਾਉਂਦਿਆਂ ਪੰਜਾਬ ਦੇ ਸਾਰੇ ਟੋਲ ਮੁਫ਼ਤ ਕੀਤੇ ਜਾਣਗੇ।
ਏਕਤਾ ਉਗਰਾਹਾਂ ਨੇ ਕਿਸਾਨਾਂ ਨੂੰ ਇਨ੍ਹਾਂ ਟੋਲ ਪਲਾਜਿਆ ’ਤੇ ਲਗਾਏ ਜਾ ਰਹੇ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਪੁੱਜਣ ਦੀ ਅਪੀਲ ਕੀਤੀ ਹੈ। ਤਾਂ ਜੋ ਕਿਸਾਨ-ਮਜ਼ਦੂਰ ਸੰਘਰਸ਼ ਦੀਆਂ ਮੰਗਾਂ ਦੀ ਪੁਰਜ਼ੋਰ ਹਮਾਇਤ ਕੀਤੀ ਜਾ ਸਕੇ। ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੀ ਹੈ। ਕਿਸਾਨ ਜਥੇਬੰਦੀ ਸੂਬਾ ਸਰਕਾਰ ਤੋਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ, ਫ਼ਸਲਾਂ ਦੇ ਲਾਹੇਵੰਦ ਭਾਅ ਦੇਣ ਅਤੇ ਫ਼ਸਲਾਂ ਦੇ ਨੁਕਸਾਨ ਦੇ ਮੁਆਵਜ਼ੇ ਸਮੇਤ ਹੋਰ ਕਈ ਮੰਗਾਂ ਨੂੰ ਪੂਰਾ ਕਰਨ ਦੀ ਮੰਗ ਕਰ ਰਹੀ ਹੈ।