ਅੰਮ੍ਰਿਤਸਰ ਦੇ ਅਜਨਾਲਾ ਥਾਣੇ ‘ਚ ਹੋਏ ਹੰਗਾਮੇ ਤੋਂ ਬਾਅਦ ਕੇਂਦਰ ਸਰਕਾਰ ਵੀ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ ਸਰਗਰਮ ਹੋ ਗਈ ਹੈ। ਕੇਂਦਰ ਸਰਕਾਰ ਨੇ ਇੱਕ ਵਾਰ ਫਿਰ ਅੰਮ੍ਰਿਤਪਾਲ ਸਿੰਘ ਦੇ ਇੰਸਟਾਗ੍ਰਾਮ ਅਕਾਊਂਟ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸਦਾ ਮਤਲਬ ਹੈ ਕਿ ਹੁਣ ਇਸ ਅਕਾਊਂਟ ਨੂੰ ਭਾਰਤ ਵਿੱਚ ਨਹੀਂ ਚਲਾਇਆ ਜਾ ਸਕਦਾ ਹੈ।
ਇਹ ਕਾਰਵਾਈ 23 ਫਰਵਰੀ ਨੂੰ ਅਜਨਾਲਾ ਵਿੱਚ ਵਾਪਰੀਆਂ ਘਟਨਾਵਾਂ ਤੋਂ ਬਾਅਦ ਕੀਤੀ ਗਈ ਹੈ। ਆਪਣੀਆਂ ਰੀਲਾਂ ਕਾਰਨ ਅੰਮ੍ਰਿਤਪਾਲ ਸਿੰਘ ਨੌਜਵਾਨਾਂ ਵਿੱਚ ਲਗਾਤਾਰ ਹਰਮਨ ਪਿਆਰਾ ਹੁੰਦਾ ਜਾ ਰਿਹਾ ਸੀ। ਦੂਜੇ ਪਾਸੇ ਕੇਂਦਰ ਨੇ ਕੱਲ੍ਹ ਆਪਣੀ ਸਥਿਤੀ ਸਪੱਸ਼ਟ ਕਰਦਿਆਂ ਕਿਹਾ ਸੀ ਕਿ ਉਹ ਇਸ ਮਾਮਲੇ ਵਿੱਚ ਸਿੱਧੇ ਤੌਰ ’ਤੇ ਦਖ਼ਲ ਨਹੀਂ ਦੇਵੇਗੀ ਅਤੇ ਪੰਜਾਬ ਸਰਕਾਰ ਦੀ ਸਟੇਟਸ ਰਿਪੋਰਟ ਦੇ ਆਧਾਰ ’ਤੇ ਹੀ ਕਾਰਵਾਈ ਕੀਤੀ ਜਾਵੇਗੀ।
ਅੰਮ੍ਰਿਤਪਾਲ ਸਿੰਘ ਦੇ ਸੋਸ਼ਲ ਮੀਡੀਆ ਖਾਤੇ ਬੰਦ ਕਰਨ ਦੀ ਇਹ ਕੋਈ ਪਹਿਲੀ ਕਾਰਵਾਈ ਨਹੀਂ ਹੈ। ਅੰਮ੍ਰਿਤਪਾਲ ਸਿੰਘ ਦਾ ਟਵਿੱਟਰ ਅਕਾਊਂਟ 5 ਮਹੀਨੇ ਪਹਿਲਾਂ ਬਲੌਕ ਕੀਤਾ ਗਿਆ ਸੀ। ਜਿਸ ਵਿੱਚ 11 ਹਜ਼ਾਰ ਤੋਂ ਵੱਧ ਫਾਲੋਅਰਜ਼ ਸਨ। ਇਸ ਦੇ ਨਾਲ ਹੀ 28 ਦਸੰਬਰ ਨੂੰ ਅੰਮ੍ਰਿਤਪਾਲ ਦਾ ਇੰਸਟਾਗ੍ਰਾਮ ਅਕਾਊਂਟ ਬੰਦ ਹੋ ਗਿਆ ਸੀ ਪਰ ਬਾਅਦ ‘ਚ ਇਸ ਨੂੰ ਚਾਲੂ ਕਰ ਦਿੱਤਾ ਗਿਆ ਸੀ।