ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਤਨੀ ਗੁਰਪ੍ਰੀਤ ਕੌਰ ਨਾਲ ਮੰਗਲਵਾਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਇਸ ਪਵਿੱਤਰ ਦਿਹਾੜੇ ‘ਤੇ ਦੁਨੀਆ ਭਰ ‘ਚ ਵੱਸਦੀਆਂ ਨਾਨਕ ਨਾਮ ਲੇਵਾ ਸੰਗਤਾਂ ਨੂੰ ਗੁਰੂ ਪੁਰਬ ਦੀ ਵਧਾਈ ਦਿੱਤੀ ਅਤੇ ਗੁਰੂ ਜੀ ਦੇ ਸਿਧਾਂਤਾਂ ‘ਤੇ ਚੱਲਣ ਦੀ ਅਪੀਲ ਕੀਤੀ। ਇਸ ਦੌਰਾਨ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਵੀ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਨੰਦ ਮੈਰਿਜ ਐਕਟ ਨੂੰ ਪੂਰੀ ਤਰ੍ਹਾਂ ਨਾਲ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਤਾਮਿਲਨਾਡੂ, ਅਰੁਣਾਚਲ ਪ੍ਰਦੇਸ਼ ਅਤੇ ਹਰਿਆਣਾ ਸਮੇਤ ਦੇਸ਼ ਦੇ 22 ਰਾਜਾਂ ਵਿੱਚ ਪਹਿਲਾਂ ਹੀ ਲਾਗੂ ਹੈ। ਇਸ ਨੂੰ ਪੰਜਾਬ ਵਿੱਚ ਪੂਰੀ ਤਰ੍ਹਾਂ ਲਾਗੂ ਕਰਕੇ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਸ ਦਾ ਨੋਟੀਫਿਕੇਸ਼ਨ 2016 ਵਿੱਚ ਜਾਰੀ ਕੀਤਾ ਗਿਆ ਸੀ, ਪਰ ਇਸ ਨੂੰ ਪੂਰੀ ਤਰ੍ਹਾਂ ਲਾਗੂ ਨਹੀਂ ਕੀਤਾ ਜਾ ਸਕਿਆ ਸੀ।
ਅੱਜ ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਿੱਖ ਸੰਗਤ ਦੀ ਲੰਮੇ ਸਮੇਂ ਤੋਂ ਮੰਗ ਰਹੀ “ਆਨੰਦ ਮੈਰਿਜ ਐਕਟ” ਨੂੰ ਪੂਰਨ ਰੂਪ ‘ਚ ਲਾਗੂ ਕਰ ਰਹੇ ਹਾਂ…
ਹੁਣ ਸਿੱਖ ਸੰਗਤ ਆਪਣੇ ਸੁਭਾਗੇ ਵਿਆਹ ਕਾਰਜ ਐਕਟ ਅਧੀਨ ਰਜਿਸਟਰ ਕਰਵਾ ਸਕੇਗੀ… pic.twitter.com/2j1jMfX4uy
— Bhagwant Mann (@BhagwantMann) November 8, 2022
ਸਿੱਖ ਭਾਈਚਾਰਾ ਮੰਗ ਕਰ ਰਿਹਾ ਹੈ ਕਿ ਉਨ੍ਹਾਂ ਦਾ ਵਿਆਹ ਆਨੰਦ ਮੈਰਿਜ ਐਕਟ ਤਹਿਤ ਰਜਿਸਟਰਡ ਕੀਤਾ ਜਾਵੇ। ਇਹ ਐਕਟ 1909 ਵਿੱਚ ਬਣਾਇਆ ਗਿਆ ਸੀ। ਇਸ ਤੋਂ ਬਾਅਦ 1955 ਵਿੱਚ ਹਿੰਦੂ ਮੈਰਿਜ ਐਕਟ ਬਣਾਇਆ ਗਿਆ, ਜਿਸ ਵਿੱਚ ਹਿੰਦੂ, ਸਿੱਖ, ਬੋਧੀ ਅਤੇ ਜੈਨ ਸ਼ਾਮਿਲ ਹੋਏ। ਸਿੱਖ ਭਾਈਚਾਰੇ ਦੇ ਲੋਕਾਂ ਦੀ ਮੰਗ ਸੀ ਕਿ ਉਨ੍ਹਾਂ ਲਈ ਆਨੰਦ ਮੈਰਿਜ ਐਕਟ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਇਸ ਸਬੰਧੀ ਵੱਡੀ ਸਮੱਸਿਆ ਹੈ। ਪਾਸਪੋਰਟ ‘ਤੇ ਸਿੱਖ ਲਿਖਿਆ ਹੋਇਆ ਹੈ ਅਤੇ ਵਿਆਹ ਦਾ ਸਰਟੀਫਿਕੇਟ ਹਿੰਦੂ ਧਰਮ ਦਾ ਹੈ।